ਅੰਮ੍ਰਿਤਸਰ : ਚਰਨਜੀਤ ਸਿੰਘ ਗੁਮਟਾਲਾ: ਅੰਮ੍ਰਿਤਸਰ ਵਿਕਾਸ ਮੰਚ ਨੇ ਲੋਕ ਸਭਾ ਮੈਂਬਰ ਸ੍ਰ. ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਵਿੱਚ ਅੰਮ੍ਰਿਤਸਰ ਨੂੰ ਵਿਸ਼ੇਸ਼ ਪੈਕੇਜ ਦੇਣ ਦਾ ਮੁੱਦਾ ਜੋਰ ਸ਼ੋਰ ਨਾਲ ਉਠਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਸ.ਮਨਮੋਹਨ ਸਿੰਘ ਬਰਾੜ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ ਅਤੇ ਜਨਰਲ ਸਕੱਤਰ ਸ. ਸੁਰਿੰਦਰਜੀਤ ਸਿੰਘ ਵੱਲੋਂ ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਮੰਚ ਵੱਲੋਂ ਸ੍ਰ. ਗੁਰਜੀਤ ਸਿੰਘ ਔਜਲਾ ਜੋ ਕਿ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਹਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਭਵਿੱਖੀ ਵਿਕਾਸ ਨੂੰ ਮੁੱਖ ਰੱਖ ਕੇ ਗੁਰੂ ਨਗਰੀ ਅੰਮ੍ਰਿਤਸਰ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਣ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾਵੇ।
ਮੰਚ ਆਗੂਆਂ ਨੇ ਔਜਲਾ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਉਨ੍ਹਾਂ ਨੇ ਵੀ ਗੰਭੀਰਤਾ ਨਾਲ ਵਿਚਾਰਿਆ ਹੋਵੇਗਾ ਕਿ ਕੇਂਦਰੀ ਬਜਟ ਵਿੱਚ ਪੂਰੇ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਪਾਰਲੀਮੈਂਟ ਵਿੱਚ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਜਿਸ ਤਰ੍ਹਾਂ ਹਿੰਦੂ ਭਾਈਚਾਰੇ ਲਈ ਕਾਂਸ਼ੀ ਅਯੋਧਿਆ, ਮੁਸਲਮਾਨ ਭਾਈਚਾਰੇ ਲਈ ਮੱਕਾ, ਈਸਾਈਆਂ ਲਈ ਵੈਟੀਕਨ ਅਤੇ ਯਹੂਦੀਆਂ ਲਈ ਯੂਰੋਸ਼ਲਮ ਕੇਂਦਰੀ ਧਾਰਮਿਕ ਅਸਥਾਨ ਹਨ, ਉਸੇ ਤਰ੍ਹਾਂ ਸਿੱਖ ਧਰਮ ਦਾ ਕੇਂਦਰੀ ਅਸਥਾਨ ਸ੍ਰੀ ਅੰਮ੍ਰਿਤਸਰ ਸਾਹਿਬ ਹੈ। ਸਿੱਖ ਕੌਮ ਦੇ ਇਸ ਪਾਕਿ ਪਵਿੱਤਰ ਸ਼ਹਿਰ ਨੂੰ ਵਿਸ਼ਵ ਪੱਧਰ ‘ਤੇ ਵਿਕਸਿਤ ਕਰਨ ਅਤੇ ਇਸ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ ਸੁਰੱਖਿਅਤ ਬਣਾਉਣ ਲਈ ਅੰਮ੍ਰਿਤਸਰ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦੀ ਬਹੁਤ ਲੋੜ ਹੈ । ਮੰਚ ਨੂੰ ਆਸ ਹੈ ਕਿ ਸਾਰੇ ਲੋਕ ਸਭਾ ਮੈਂਬਰ ਪਾਰਟੀਬਾਜੀ ਤੋਂ ਉਪਰ ਉੱਠ ਕੇ ਉਨ੍ਹਾਂ ਦੀ ਹਮਾਇਤ ਜਰੂਰ ਕਰਨਗੇ ।
ਮਰਹੂਮ ਸ੍ਰੀ ਅਟਲ ਬਿਹਾਰੀ ਵਾਜਪਾਈ ਜਦ ਪ੍ਰਧਾਨ ਮੰਤਰੀ ਸਨ ਤਾਂ ਉਨ੍ਹਾਂ ਨੇ ਪੰਜਾਬ ਦੇ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਟੈਕਸ ਰਿਆਇਤਾਂ ਦਿੱਤੀਆਂ ਸਨ, ਜਿਸ ਕਾਰਨ ਅੰਮ੍ਰਿਤਸਰ ਦੀਆਂ ਉਦਯੋਗਿਕ ਇਕਾਈਆਂ ਇਨ੍ਹਾਂ ਗਵਾਂਢੀ ਸੂਬਿਆਂ ਵਿੱਚ ਤਬਦੀਲ ਹੋ ਗਈਆਂ ਹਨ।ਇਸ ਤਰ੍ਹਾਂ ਅੰਮ੍ਰਿਤਸਰ ਦੇ ਉਦਯੋਗ ਨੂੰ ਭਾਰੀ ਢਾਹ ਲਗੀ। ਮੰਚ ਆਗੂਆਂ ਦੀ ਮੰਗ ਹੈ ਕਿ ਅੰਮ੍ਰਿਤਸਰ ਅਤੇ ਪੰਜਾਬ ਦੇ ਸਰਹੱਦੀ ਜ਼ਿਿਲ੍ਹਆਂ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਿਲ੍ਹਆਂ ਲਈ ਵਿਸ਼ੇਸ਼ ਟੈਕਸ ਰਿਆਇਤਾਂ ਦਿੱਤੀਆਂ ਜਾਣ।
2019 ਦੋਰਾਨ ਪਾਕਿਸਤਾਨੀ ਦਹਿਸ਼ਤਗਰਦਾਂ ਵਲੋਂ ਪੁਲਵਾਮਾ ਵਿਖੇ ਭਾਰਤੀ ਸੁਰੱਖਿਆ ਦਸਤਿਆਂ ‘ਤੇ ਹਮਲੇ ਪਿੱਛੋਂ ਭਾਰਤ ਸਰਕਾਰ ਵੱਲੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਆਪਸੀ ਵਿਉਪਾਰ ‘ਤੇ ਦੋ ਸੌ ਪ੍ਰਤੀਸ਼ਤ ਡਿਊਟੀ ਲਾ ਦਿੱਤੀ ਗਈ ਸੀ। ਫਿਰ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾਉਣ ਦੇ ਵਿਰੋਧ ਵਿੱਚ ਪਾਕਿਸਤਾਨ ਨੇ ਭਾਰਤ ਨਾਲ ਆਪਸੀ ਵਿਉਪਾਰ ਬੰਦ ਕਰ ਦਿੱਤਾ ਹੈ। ਇਨ੍ਹਾਂ ਅਣਚਾਹੀਆਂ ਘਟਨਾਵਾਂ ਕਾਰਨ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੁਵੱਲੇ ਵਪਾਰ ਦੇ ਬੰਦ ਹੋਣ ਕਾਰਨ ਅੰਮ੍ਰਿਤਸਰ ਦੇ ਵਿਉਪਾਰੀਆਂ, ਕਰਮਚਾਰੀਆਂ ਅਤੇ ਮਜ਼ਦੂਰਾਂ ਨੂੰ ਆਰਥਿਕ ਤੰਗੀਆਂ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਸਹਿਮਤ ਕੀਤਾ ਜਾਵੇ ਕਿ ਪਾਕਿਸਤਾਨ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਕੇ ਸ਼ਾਂਤਮਈ ਮਾਹੌਲ ਪੈਦਾ ਕਰਕੇ ਅਟਾਰੀ ਵਾਹਘਾ ਸਰਹੱਦ ਰਾਹੀਂ ਭਾਰਤ ਦਾ ਪਾਕਿਸਤਾਨ, ਅਫ਼ਗਾਨਿਸਤਾਨ ਅਤੇ ਹੋਰ ਮੱਧ ਪੂਰਬੀ ਦੇਸ਼ਾਂ ਨਾਲ ਵਪਾਰ ਮੁੜ ਸ਼ੁਰੂ ਕੀਤਾ ਜਾਵੇ। ਅੰਮ੍ਰਿਤਸਰ ਦੇ ਸੈਰ ਸਪਾਟਾ ਅਤੇ ਪ੍ਰਾਹੁਣਚਾਰੀ ਕਾਰੋਬਾਰ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਵੇ।
ਕੇਂਦਰ ਸਰਕਾਰ ਨੂੰ ਸਹਿਮਤ ਕੀਤਾ ਜਾਵੇ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਤਾਂ ਕਿ ਭਾਰਤ ਦੇ ਉੱਤਰੀ ਭਾਗਾਂ ਅਤੇ ਖਾਸ ਕਰਕੇ ਪੰਜਾਬ, ਹਰਿਆਣਾ ਆਦਿ ਸੂਬਿਆਂ ਵਿੱਚ ਅਮਨ ਚੈਨ ਬਹਾਲ ਹੋ ਸਕੇ।
ਅੰਮ੍ਰਿਤਸਰ ਵਿਕਾਸ ਮੰਚ ਨੇ ਸ, ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਵਿੱਚ ਅੰਮ੍ਰਿਤਸਰ ਨੂੰ ਵਿਸ਼ੇਸ਼ ਪੈਕੇਜ ਦੇਣ ਦਾ ਮੁਦਾ ਜੋਰ ਸ਼ੋਰ ਨਾਲ ਉਠਾਉਣ ਦੀ ਮੰਗ ਕੀਤੀ
Leave a comment