ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸਿੱਖਾਂ ਨੂੰ ਅੱਤਵਾਦੀ ਕਹਿਣ ਵਾਲੇ ਐੱਸ ਐੱਚ ਓ ਖਿਲਾਫ ਯੂਪੀ ਸਰਕਾਰ ਬਣਦੀ ਕਾਨੂੰਨੀ ਕਾਰਵਾਈ ਕਰੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿੰਨਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਅਤਿ ਨਿੰਦਣਯੋਗ ਵਰਤਾਰਾ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪੁਲਿਸ ਅਧਿਕਾਰੀਆਂ ਉਤੇ ਨਸਲੀ ਟਿੱਪਣੀ ਕਰਨ ਦਾ ਦੋਸ਼ ਲੱਗਾ ਹੈ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਵੀ ਆਇਆ ਹੈ। ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਹ ਮਾਮਲਾ ਲਖੀਮਪੁਰ ਦੇ ਪਾਲੀਆ ਥਾਣੇ ਦਾ ਹੈ ਜਿੱਥੇ ਦੇ ਕੋਤਵਾਲ ਵਿਵੇਕ ਕੁਮਾਰ ਉਪਾਧਿਆਏ ‘ਤੇ ਸਿੱਖਾਂ ਨੂੰ ਅੱਤਵਾਦੀ ਕਹਿਣ ਦਾ ਇਲਜ਼ਾਮ ਹੈ। ਦੇਰ ਸ਼ਾਮ ਸੈਂਕੜੇ ਲੋਕਾਂ ਨੇ ਸ਼ਹਿਰ ਵਿੱਚ ਜਲੂਸ ਕੱਢ ਕੇ ਨਾਅਰੇਬਾਜ਼ੀ ਕਰਦਿਆਂ ਤਹਿਸੀਲ ਦੇ ਗੇਟ ਅੱਗੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ।
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸਿੱਖਾਂ ਨੂੰ ਅੱਤਵਾਦੀ ਕਹਿਣ ਵਾਲੇ SHO ਖਿਲਾਫ UP ਸਰਕਾਰ ਬਣਦੀ ਕਾਨੂੰਨੀ ਕਾਰਵਾਈ ਕਰੇ: ਗਿਆਨੀ ਹਰਪ੍ਰੀਤ ਸਿੰਘ
Leave a comment