ਜਲੰਧਰ: ਆਪਣਾ ਪੰਜਾਬ ਮੀਡੀਆ: ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਬਾਬੂ ਜਗਜੀਵਨ ਰਾਮ ਚੌਕ ਵਿੱਚ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ ਲਗਭਗ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਮੌਕੇ ਲੋਕਾਂ ਨਾਲ ਰੂਬਰੂ ਹੁੰਦਿਆਂ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਹਲਕਾ ਜਲੰਧਰ ਪੱਛਮੀ ਵਿੱਚ ਲੋਕਾਂ ਦੀ ਸਹੂਲਤ ਲਈ 24 ਟਿਊਬਵੈੱਲਾਂ, ਚੌਕਾਂ ਤੇ ਪਾਰਕਾਂ ਦੇ ਸੁੰਦਰੀਕਰਨ, ਨਵੀਆਂ ਸੜਕਾਂ ਬਣਾਉਣ ਅਤੇ ਮੁਰੰਮਤ ਤੇ 2 ਅਤਿ- ਆਧੁਨਿਕ ਕੰਪਿਊਟਰ ਲਾਇਬ੍ਰੇਰੀਆਂ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ‘ਸਰਕਾਰ-ਵਪਾਰ ਮਿਲਣੀ’ ਪ੍ਰੋਗਰਾਮ ਤਹਿਤ ਸੂਬੇ ਦੇ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰ ਕੇ ਉਨ੍ਹਾਂ ਨੂੰ ਆਪਣਾ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਹਲਕੇ ਵਿੱਚ ਜਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਨੂੰ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਹਲਕਾ ਬਣਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਸੰਜੀਵ ਭਗਤ ਅਤੇ ਕੌਂਸਲਰ ਅਤੇ ਹੋਰ ਪਤਵੰਤੇ ਹਾਜ਼ਰ ਸਨ।