ਜੰਡਿਆਲਾ : ਗੁਰੂ ਕੁਲਜੀਤ ਸਿੰਘ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਬਾਬਾ ਨੋਧ ਸਿੰਘ ਜੀ ਦੇ ਪਿੰਡ ਚੱਬਾ ਇਕਾਈ ਕਮੇਟੀ ਵੱਲੋ ਅੱਜ ਪਿੰਡ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਪਿੰਡ ਪ੍ਰਧਾਨ ਨਿਸ਼ਾਨ ਸਿੰਘ,ਬਲਦੇਵ ਸਿੰਘ ਦੀ ਅਗਵਾਈ ਹੇਠ ਕੀਤੀ ਗਈ।ਇਸ ਮੌਕੇ ਕਿਸਾਨਾਂ, ਮਜ਼ਦੂਰਾ,ਬੀਬੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਕੇਂਦਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਲਈ ਲਗਾਤਾਰ ਹੱਥਕੰਡੇ ਵਰਤੇ ਜਾ ਰਹੇ ਹਨ।ਇਸੇ ਤਹਿਤ ਪੰਜਾਬ ਵਿੱਚ ਬਿਜਲੀ ਸੋਧ ਬਿੱਲ ਨੂੰ ਲਾਗੂ ਕਰਨ ਲਈ ਚਿੱਪ ਵਾਲੇ ਸਮਾਰਟ ਮੀਟਰ ਧੱਕੇ ਨਾਲ ਲਗਾਏ ਜਾ ਰਹੇ ਹਨ।
ਜਿਸਦੇ ਖ਼ਿਲਾਫ਼ ਅੱਜ ਪਿੰਡ ਚੱਬਾ ਦੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਵੱਲੋਂ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਚਿੱਪ ਵਾਲੇ ਮੀਟਰ ਨਾਂ ਲੱਗਣ ਦੇਣ ਦਾ ਐਲਾਨ ਕੀਤਾ ਅਤੇ ਇਸ ਨੀਤੀ ਖ਼ਿਲਾਫ਼ ਸੰਘਰਸ਼ਾਂ ਦੇ ਮੈਦਾਨ ਵਿੱਚ ਕੁੱਦਣ ਦਾ ਅਹਿਦ ਕੀਤਾ।ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ 22 ਅਗਸਤ ਨੂੰ 16 ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਲੱਗ ਰਹੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ,ਮਜ਼ਦੂਰਾਂ,ਬੀਬੀਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ, ਜਿਸਦੀਆਂ ਜਿਲ੍ਹੇ ਭਰ ਵਿਚ ਤਿਆਰੀਆਂ ਚੱਲ ਰਹੀਆਂ ਹਨ।ਇਸ ਮੌਕੇ ਡਾ: ਬਲਵਿੰਦਰ ਸਿੰਘ, ਕੁਲਦੀਪ ਸਿੰਘ,ਬਿੱਲਾ ਚੱਬਾ,ਨਿਰਵੈਲ ਸਿੰਘ,ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ,ਮਜ਼ਦੂਰ ਅਤੇ ਬੀਬੀਆਂ ਹਾਜ਼ਰ ਸਨ।