ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਹਰਜੀ ਰਾਮ ਸੀਨੀਅਰ ਸੈਕੰਡਰੀ ਸਕੂਲ ਦੇ 10ਵੀਂ ਜਮਾਤ ਵਿੱਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੋਨੇ-ਕੋਨੇ ਵਿੱਚ ਮਿਆਰੀ ਸਿੱਖਿਆ ਦਾ ਚਾਨਣ ਫੈਲਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਨਤੀਜਾ ਹੈ। ਉਨ੍ਹਾਂ ਨੇ ਇਸ ਪ੍ਰੀਖਿਆ ਨੂੰ ਸ਼ਾਨਦਾਰ ਢੰਗ ਨਾਲ ਪਾਸ ਕਰਨ ਵਾਲੇ ਹਰਜੀ ਰਾਮ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ੳਨ੍ਹਾਂ ਦੀ ਲਗਨ ਅਤੇ ਮਿਹਨਤ ਦੀ ਤਾਰੀਫ਼ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ 11ਵੀਂ ਅਤੇ 12ਵੀਂ ਜਮਾਤ ਦੇ ਲੋੜਵੰਦ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ-ਮੈਡੀਕਲ ਵਿਸ਼ਿਆਂ ਦੀਆਂ ਕਿਤਾਬਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਭੇਂਟ ਕੀਤੀਆਂ।