ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਦੀ ਸਿੱਖ ਜਥੇਬੰਦੀਆਂ ਵੱਲੋਂ ਨਿਖੇਧੀ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਕੀਤੀ ਕਾਰਵਾਈ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਵੱਲੋਂ ਲਾਏ ਦੋਸ਼ਾਂ ਦੀ ਪੜਤਾਲ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ। ਜਾਂਚ ਦੌਰਾਨ ਜਥੇਦਾਰ ਦੀਆਂ ਸੇਵਾਵਾਂ ’ਤੇ ਰੋਕ ਲਾ ਕੇ ਤਖ਼ਤ ਦੇ ਹੈੱਡ ਗ੍ਰੰਥੀ ਨੂੰ ਸੇਵਾਵਾਂ ਸੌਂਪੀਆਂ ਗਈਆਂ ਹਨ। ਅੱਜ ਇਸ ਮਾਮਲੇ ਵਿੱਚ ਦਲ ਖਾਲਸਾ ਜਥੇਬੰਦੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮਾਮਲੇ ਵਿੱਚ ਸੱਚ ਅਤੇ ਝੂਠ ਦਾ ਨਿਤਾਰਾ ਕਰਨ ਲਈ ਇਸ ਦੀ ਪੜਤਾਲ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਆਪਣੇ ਹੱਥ ਵਿੱਚ ਲੈਣ। ਪਾਰਟੀ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਭੰਗ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਫਾਰਗ ਕਰਨ ਦੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਧੜੇ ਦੀ ਰਣਨੀਤੀ ਹੈ। ਅਜਿਹਾ ਇਸ ਕਰ ਕੇ ਕੀਤਾ ਜਾ ਰਿਹਾ ਹੈ ਕਿਉਂਕਿ ਜਥੇਦਾਰ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹ ਲਾਈ ਗਈ ਹੈ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਆਪਣੇ ’ਤੇ ਲੱਗੇ ਦੋਸ਼ਾਂ ਦਾ ਸਪੱਸ਼ਟੀਕਰਨ ਦਿੱਤਾ ਜਾ ਚੁੱਕਾ ਹੈ।