ਵਿੱਚ ਸਰਗਰਮ ਯੋਗਦਾਨ ਪਾਉਣ ਵਾਲਿਆਂ ਨੂੰ ਕੌਮੀ ਦਿਹਾੜਿਆਂ ਮੌਕੇ ਸਨਮਾਨਿਤ ਕੀਤਾ ਜਾਵੇਗਾ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਤੇ ਸਿਆਸੀ ਜਥੇਬੰਦੀਆਂ ਨੇ ਇਕਜੁੱਟਤਾ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵੱਲੋਂ ਡਿਪਟੀ ਕਮਿਸ਼ਨਰ
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ‘ਮਿਸ਼ਨ ਸਹਿਯੋਗ’ ਨੂੰ ਸਫ਼ਲ ਬਣਾਉਣ ਦਾ ਸੱਦਾ
ਨਸ਼ਿਆਂ ਖਿਲਾਫ ਜੰਗ ਵਿੱਚ ਸਰਗਰਮ ਯੋਗਦਾਨ ਪਾਉਣ ਵਾਲਿਆਂ ਨੂੰ ਕੌਮੀ ਦਿਹਾੜਿਆਂ ਮੌਕੇ ਸਨਮਾਨਿਤ ਕੀਤਾ ਜਾਵੇਗਾ
ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਤੇ ਸਿਆਸੀ ਜਥੇਬੰਦੀਆਂ ਨੇ ਇਕਜੁੱਟਤਾ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਦੀ ਮੌਜੂਦਗੀ ਵਿੱਚ ਮੀਟਿੰਗ
ਸੰਗਰੂਰ, 25 ਜੂਨ, 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਤੇ ਪ੍ਰਸ਼ਾਸਨ ਵਲੋਂ ਆਰੰਭ ਕੀਤੇ ਮਿਸ਼ਨ ਸਹਿਯੋਗ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੀ ਮੌਜੂਦਗੀ ਵਿਚ ਮਿਸ਼ਨ ਸਹਿਯੋਗ ਤਹਿਤ ਪੁਲਿਸ ਪਬਲਿਕ ਕੋ- ਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ.ਆਈ.ਜੀ ਨੇ ਕਿਹਾ ਕਿ ਇਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਬਲਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਹੈ ਜਿਸ ਵਿੱਚ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਣੇ ਨਿੱਜੀ ਸਵਾਰਥਾਂ ਲਈ ਭੋਲੇ ਭਾਲੇ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਪੁਲਿਸ ਜਨਤਕ ਸਹਿਯੋਗ ਦੇ ਨਾਲ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹਨ ਉਨ੍ਹਾਂ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਕਰਦਾ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਕੇਸ ਦਰਜ ਕਰਨ ਦੇ ਨਾਲ ਨਾਲ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗਠਿਤ ਕੀਤੀਆਂ ਜਾਣ ਵਾਲੀਆਂ ਕਮੇਟੀਆਂ ਵਲੋਂ ਜਦੋ ਵੀ ਕਿਸੇ ਪਿੰਡ ਜਾਂ ਮੁਹੱਲੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਤਾਂ ਇਸ ਦੀ ਪੜਤਾਲ ਕਰਨ ਮਗਰੋਂ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਫਿਰ ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ ਵਿਸ਼ੇਸ ਗ੍ਰਾੰਟ ਜਾਰੀ ਕੀਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸ਼ਾਨਦਾਰ ਉਪਰਾਲੇ ਕਰਨ ਵਾਲਿਆਂ ਨੂੰ ਕੌਮੀ ਦਿਹਾੜਿਆਂ ਮੌਕੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾਵੇ। ਓਹਨਾ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਸਬ ਡਵੀਜ਼ਨ ਪੱਧਰ ਉਤੇ ਹਰ ਹਫਤੇ 2 ਕੈੰਪ ਲਗਾਏ ਜਾਣਗੇ ਜਿਸ ਵਿਚ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।
ਇਸ ਮੌਕੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਆਪਣੇ ਘਰਾਂ, ਪਰਿਵਾਰਾਂ, ਦੋਸਤਾਂ, ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਮਿਥ ਕੇ ਪੂਰੀ ਤਨਦੇਹੀ ਨਾਲ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਇਸ ਕੋਹੜ ਦਾ ਸਫਾਇਆ ਕੀਤਾ ਜਾ ਸਕੇ। ਮੀਟਿੰਗ ਦੌਰਾਨ ਹਾਜ਼ਰ ਵੱਖ ਵੱਖ ਸਮਾਜ ਸੇਵੀ, ਧਾਰਮਿਕ ਤੇ ਸਿਆਸੀ ਜਥੇਬੰਦੀਆਂ, ਵਪਾਰ ਮੰਡਲਾਂ, ਐਸੋਸੀਏਸ਼ਨਾਂ ਦੇ ਪ੍ਰਤੀਨਿਧਾਂ ਨੇ ਅਧਿਕਾਰੀਆਂ ਨੂੰ ਮਿਸ਼ਨ ਸਹਿਯੋਗ ਦੀ ਸਫਲਤਾ ਲਈ ਸਰਗਰਮ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ।