ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਿਸ ਨੇ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਇਕ ਵੱਡੇ ਡਰੋਨ ਨਾਲ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਭਗ 16 ਕਰੋੜ ਰੁਪਏ ਤੇ ਬਰਾਮਦ ਕੀਤੇ ਗਏ ਡਰੋਨ ਦੀ ਕੀਮਤ 25 ਤੋਂ 30 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਦੋ ਹੋਰ ਸਾਥੀ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੁਲਿਸ ਵਲੋਂ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਗਈ ਸੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਪੂਰੀ ਹਰਕਤ ਵਿਚ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿਚ ਨਸ਼ਿਆਂ ਦੀ ਤਸਕਰੀ ਬਿਲਕੁਲ ਵੀ ਬਰਦਾਸ਼ ਨਹੀਂ ਕੀਤੀ ਜਾਵੇਗੀ।