ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਇਹ ਸਜਾਵਟ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਕਰਵਾਈ ਗਈ ਹੈ। ਇਸ ਸਬੰਧ ਵਿੱਚ ਸ਼ਰਧਾਲੂਆਂ ਵੱਲੋਂ ਲਗਪਗ 40 ਟਨ ਫੁੱਲ ਦੇਸ਼ ਅਤੇ ਵਿਦੇਸ਼ ਤੋਂ ਮੰਗਵਾਏ ਗਏ ਹਨ, ਜਿਨ੍ਹਾਂ ਵਿੱਚ ਲਗਪਗ 20 ਕਿਸਮਾਂ ਦੇ ਫੁੱਲ ਸ਼ਾਮਲ ਹਨ। ਇਸ ਸਜਾਵਟ ਲਈ ਕੋਲਕਾਤਾ, ਉੱਤਰ ਪ੍ਰਦੇਸ਼, ਦਿੱਲੀ ਅਤੇ ਹੋਰ ਥਾਵਾਂ ਤੋਂ ਲਗਪਗ 100 ਮਾਹਰ ਕਾਰੀਗਰ ਆਏ ਹਨ ਅਤੇ ਇਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਸ਼ਰਧਾਲੂ ਵੀ ਸ਼ਾਮਲ ਹਨ ਜਿਨ੍ਹਾਂ ਵੱਲੋਂ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਵਿਖੇ ਵੱਖ-ਵੱਖ ਥਾਵਾਂ ’ਤੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਲਕੇ ਚਾਰ ਸਤੰਬਰ ਨੂੰ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ 4 ਸਤੰਬਰ ਨੂੰ ਸਵੇਰੇ 7 ਵਜੇ ਗੁਰਦੁਆਰਾ ਰਾਮਸਰ ਤੋਂ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਪੁਰਾਤਨ ਪਰਪੰਰਾ ਮੁਤਾਬਿਕ ਪਾਵਨ ਸਰੂਪ ਹਰਿਮੰਦਰ ਸਾਹਿਬ ਲਿਆਂਦਾ ਜਾਵੇਗਾ।