ਸਿਹਤ ਵਿਭਾਗ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਚੌਕਸ, ਬਰਸਾਤੀ ਦਿਨਾਂ ਦੌਰਾਨ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਜਾਰੀ ਕੀਤੀ ਅਡਵਾਈਜ਼ਰੀ
ਨਵਾਂਸ਼ਹਿਰ : (ਵਿਪਨ ਕੁਮਾਰ) – ਜ਼ਿਲ੍ਹਾ ਸਿਹਤ ਵਿਭਾਗ, ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਅਡਵਾਇਜਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅਡਵਾਇਜਰੀ ਜਾਰੀ ਕਰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪ ਦੇ ਡੰਗਣ ਦੀ ਸੂਰਤ ਵਿੱਚ ਇਲਾਜ ਲਈ ਪਹਿਲਾ ਇਕ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਸਮੇਂ ਅੰਦਰ ਇਲਾਜ ਨਾ ਮਿਲਣ ‘ਤੇ ਪੀੜਤ ਵਿਅਕਤੀ ਦੀ ਜਾਨ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ। ਸੱਪ ਦੇ ਡੰਗਣ ਦੀ ਸੂਰਤ ਵਿੱਚ ਪੀੜਤ ਦਾ ਤੁਰੰਤ ਇਲਾਜ ਉਸ ਦੀ ਜਾਨ ਬਚਾ ਸਕਦਾ ਹੈ। ਇਸ ਲਈ ਸਿਹਤ ਵਿਭਾਗ ਲੋਕਾਂ ਦੀ ਸਿਹਤ ਸੁਰੱਖਿਅਤ ਲਈ ਹਰ ਸਮੇਂ ਯਤਨਸ਼ੀਲ ਹੈ। ਸਿਹਤ ਵਿਭਾਗ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਮਰਜੈਂਸੀ ਮੈਡੀਕਲ ਸੇਵਾ ਉਪਲਬੱਧ ਕਰਵਾਉਣ ਲਈ ਪੂਰੀ ਤਰ੍ਹਾਂ ਚੌਕਸੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ, ਨਵਾਂਸ਼ਹਿਰ ਤੋਂ ਇਲਾਵਾ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਅਤੇ ਸੀ.ਐੱਚ.ਸੀ. ਪੱਧਰ ‘ਤੇ ਹਸਪਤਾਲਾਂ ਵਿੱਚ ਐਂਟੀ ਵੇਨੋਮ ਇੰਜੈਕਸ਼ਨ ਉਪਲਬੱਧ ਹਨ। ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਓ ਨਹੀਂ, ਸਗੋੰ ਪੀੜਤ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਹਸਪਤਾਲ ਲੈ ਜਾਓ ਅਤੇ ਮਾਹਰ ਡਾਕਟਰ ਕੋਲੋਂ ਹੀ ਇਲਾਜ ਕਰਵਾਓ। ਕਿਸੇ ਵੀ ਡਾਕਟਰੀ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਕੁਝ ਆਮ ਲੱਛਣਾਂ ਵਿੱਚ ਦਰਦ, ਸੋਜ, ਛਾਲੇ, ਪ੍ਰਭਾਵਿਤ ਸਥਾਨ ਤੋਂ ਖੂਨ ਵਹਿਣਾ, ਪਲਕਾਂ ਦਾ ਲਟਕਣਾ, ਸਾਹ ਲੈਣ ਵਿੱਚ ਮੁਸ਼ਕਿਲ, ਨਿਗਲਣ ਅਤੇ ਬੋਲਣ ਵਿੱਚ ਸਮੱਸਿਆ, ਗਰਦਨ ਦੀਆਂ ਮਾਸਪੇਸ਼ੀਆਂ ਵਿੱਚ ਕਮਜ਼ੋਰੀ, ਸਿਰ ਚੁੱਕਣ ਵਿੱਚ ਦਿੱਕਤ, ਕੰਨ, ਨੱਕ, ਗਲੇ ਜਾਂ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਸ਼ਾਮਲ ਹਨ।
ਇਸ ਸਬੰਧੀ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਰਾਕੇਸ਼ ਪਾਲ ਨੇ ਦੱਸਿਆ ਕਿ ਸਿਰਫ 30 ਫੀਸਦੀ ਸੱਪ ਹੀ ਜ਼ਹਿਰੀਲੇ ਹੁੰਦੇ ਹਨ ਜੋ ਡੰਗ ਲੈਣ ਤਾਂ ਜਾਨਲੇਵਾ ਸਿੱਧ ਹੋ ਸਕਦੇ ਹਨ। ਸੱਪ ਆਪਣੇ-ਆਪ ਨੂੰ ਬਚਾਉਣ ਸਮੇਂ ਹੀ ਡੰਗ ਮਾਰਦਾ ਹੈ। ਸੱਪਾਂ ਦੇ ਡੰਗਣ ਦੀ ਸਥਿਤੀ ਵਿੱਚ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ ਹੈ, ਇਸ ਲਈ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ ਜਾਣ ਦੀ ਬਜਾਏ ਸਰਕਾਰੀ ਹਸਪਤਾਲ ਜਾਣਾ ਚਾਹੀਦਾ ਹੈ। ਬਰਸਾਤਾਂ ਦੇ ਮੌਸਮ ਦੌਰਾਨ ਇਕੱਠੇ ਹੋਏ ਪਾਣੀ ਵਿੱਚ ਨਾ ਵੜਿਆ ਜਾਵੇ, ਕਿਉਂਕਿ ਬਰਸਾਤ ਦੇ ਮੌਸਮ ਵਿਚ ਖੜ੍ਹੇ ਪਾਣੀ ਦੌਰਾਨ ਸੱਪ ਦਾ ਡੰਗਣਾ ਆਮ ਗੱਲ ਹੈ। ਜੇਕਰ ਤੁਹਾਨੂੰ ਪਾਣੀ ਵਿੱਚ ਦਾਖਲ ਹੋਣ ਦੀ ਲੋੜ ਹੈ, ਤਾਂ ਲੰਬੇ ਬੂਟ ਪਾਓ।