ਸੰਗਰੂਰ : ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕਰਵਾਈ ਗਈ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਸੰਸਥਾਵਾਂ ਅਤੇ ਸਿੱਖ ਰਵਾਇਤਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲੀਆਂ ਪੰਥ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਇਕਜੁੱਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ ਹੈ।
ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੰਤ ਲੌਂਗੋਵਾਲ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਦੇ ਮਸੀਹਾ ਸਨ, ਜਿਨ੍ਹਾਂ ਦੀ ਸੋਚ ਅਤੇ ਸ਼ਹਾਦਤ ਤੋਂ ਸਿਰਫ਼ ਅਕਾਲੀ ਦਲ ਹੀ ਨਹੀਂ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਵੀ ਪੰਜਾਬ, ਪੰਥ ਅਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਨਾ ਲੈਂਦੀਆਂ ਰਹਿਣਗੀਆਂ। ਉਨ੍ਹਾਂ ਪੰਜਾਬ ਨੂੰ ਬਚਾਉਣ ਲਈ ਇੱਕ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ। ਸੁਖਬੀਰ ਨੇ ਦੇਸ਼ ਵਿਚ ਧਰਮ ਦੇ ਨਾਂ ’ਤੇ ਵੰਡੀਆਂ ਪਾਉਣ ਦੀ ਸਿਆਸਤ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਨੀਪੁੁਰ ਵਿਚ ਸ਼ਰਮਨਾਕ ਘਟਨਾਵਾਂ ਵਾਪਰੀਆਂ ਹਨ ਪਰ ਸਰਕਾਰਾਂ ਚੁੱਪ ਹਨ। ‘
‘ਆਪ’ ਸਰਕਾਰ ’ਤੇ ਵਰ੍ਹਦਿਆਂ ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰਦੇ ਸਨ ਕਿ ਬੱਕਰੀ ਅਤੇ ਮੁਰਗੀ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਪਰ ਕਿਸਾਨਾਂ ਨੂੰ ਮੁਆਵਜ਼ਾ ਤਾਂ ਕੀ ਮਿਲਣਾ ਸੀ, ਹਾਲੇ ਤੱਕ ਗਿਰਦਾਵਰੀਆਂ ਵੀ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੰਜਾਬੀਆਂ ਦੀ ਨਹੀਂ ਸਗੋਂ ਦਿੱਲੀ ਵਾਲਿਆਂ ਦੀ ਸਰਕਾਰ ਚੱਲ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਡੀਕਲ ਕਾਲਜ ਮਸਤੂਆਣਾ ਸਾਹਿਬ ਦੇ ਮੁੱਦੇ ’ਤੇ ਕਿਹਾ ਕਿ ਗੁਰਦੁਆਰਾ ਅੰਗੀਠਾ ਸਾਹਿਬ ਵਾਲਿਆਂ ਨੂੰ ਜਾਇਦਾਦ ਵੇਚਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ 25 ਏਕੜ ਦੀ ਰਜਿਸਟਰੀ ਕਰਵਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਚਾਹੇ ਤਾਂ ਇੱਕ ਮਿੰਟ ’ਚ ਜ਼ਮੀਨ ਐਕੁਆਇਰ ਕਰ ਸਕਦੀ ਹੈ। ਐਸਜੀਪੀਸੀ ਮਤਾ ਪਾਸ ਕਰ ਕੇ ਸਰਕਾਰ ਨੂੰ ਭੇਜ ਚੁੱਕੀ ਹੈ ਕਿ ਜ਼ਮੀਨ ਦੇਣ ਲਈ ਤਿਆਰ ਹਾਂ ਪਰ ਸ਼੍ਰੋਮਣੀ ਕਮੇਟੀ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਦੇਵ ਸਿੰਘ ਮਾਨ, ਵਿਨਰਜੀਤ ਸਿੰਘ ਗੋਲਡੀ, ਬਾਬਾ ਟੇਕ ਸਿੰਘ ਧਨੌਲਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵੀ ਸ਼ਰਧਾਂਜਲੀ ਭੇਟ ਕੀਤੀ।
ਪੰਥ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਇਕਜੁੱਟ ਹੋਣ ਦੀ ਲੋੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

Leave a comment
Leave a comment