ਲੁਧਿਆਣਾ : ਆਪਣਾ ਪੰਜਾਬ ਮੀਡੀਆ : ਸੰਸਦ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਨੂੰ ਸਰਕਾਰ ਬਚਾਓ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, ‘‘ਪੰਜਾਬ ਨੂੰ ਫੰਡਾਂ ਦੀ ਸਭ ਤੋਂ ਵੱਧ ਲੋੜ ਹੈ ਪਰ ਪੰਜਾਬ ਨਾਲ ਧੱਕਾ ਕਰ ਕੇ ਬਿਹਾਰ ਲਈ ਫੰਡਾਂ ਦੀ ਝੜੀ ਲਗਾ ਦਿੱਤੀ ਗਈ ਹੈ।’’ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੀ ਬਜਾਏ ਐੱਨਡੀਏ ਗੱਠਜੋੜ ਦੇ ਅੰਦਰ ਵੱਖ-ਵੱਖ ਪਾਰਟੀਆਂ ਨੂੰ ਖੁਸ਼ ਕਰਨ ਲਈ ਇਹ ਬਜਟ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਭਾਜਪਾ ਸਰਕਾਰ ਲਗਾਤਾਰ ਪੰਜਾਬ ਨੂੰ ਨਜ਼ਰਅੰਦਾਜ਼ ਕਰਦੀ ਆ ਰਹੀ ਹੈ।