ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਨਵਾਂਸ਼ਹਿਰ, 21 ਨਵੰਬਰ, (ਵਿਪਨ ਕੁਮਾਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ-ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ (ਲੱਖਾ) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਊ ਧਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ੳਨ੍ਹਾਂ ਕਿਹਾ ਕਿ ਸੂਬੇ ਵਿਚ ਬੇਸਹਾਰਾਂ ਪਸ਼ੂਆਂ ਕਾਰਨ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਪਸ਼ੂਆਂ ਦੇ ਯੋਗ ਪ੍ਰਬੰਧਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਇਸ ਦੌਰਾਨ ਉਨ੍ਹਾਂ ਗਊ ਭਲਾਈ ਦੇ ਕੰਮਾਂ ਵਿਚ ਸੁਧਾਰ ਲਿਆਉਣ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ- ਵਟਾਂਦਰਾ ਕੀਤਾ। ਉਨ੍ਹਾਂ ਨਗਰ ਕੌਂਸਲਾਂ ਰਾਹੀਂ ਗਊ ਧਨ ਦੀ ਸੇਵਾ ਲਈ ਗਊ ਸੈਸ ਦਾ ਫੰਡ ਮੁਹੱਈਆ ਕਰਾਉਣ ਲਈ ਕਿਹਾ, ਤਾਂ ਜੋ ਬੇਜ਼ੁਬਾਨ ਜਾਨਵਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਹੋ ਸਕੇ। ਉਹਨਾਂ ਦਿਲਾਵਰਪੁਰ ਗਊਸ਼ਾਲਾ ਵਿੱਚ ਨਵਾਂ ਸ਼ੈੱਡ ਬਣਾਉਣ ਅਤੇ ਜਨਰੇਟਰ ਦਾ ਪ੍ਰਬੰਧ ਕਰਨ ਲਈ ਵੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗਊਸ਼ਾਲਾ ਦੇ ਵੱਖ-ਵੱਖ ਪ੍ਰਬੰਧਾਂ ਲਈ ਨਰੇਗਾ ਵਿਚੋਂ ਵੀ ਸਹਾਇਤਾ ਲਈ ਜਾਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਦਲਾਵਰਪੁਰ ਗਊਸ਼ਾਲਾ ਦਾ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇਸ ਦੀ ਬਿਹਤਰੀ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਨੀਤ ਕੌਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿਚ ਬੇਸਹਾਰਾ ਪਸ਼ੂਆਂ ਦੀ ਭਲਾਈ ਅਤੇ ਸਾਂਭ-ਸੰਭਾਲ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕਮਿਸ਼ਨ ਦੇ ਮੈਂਬਰ ਅਮਿਤ ਜੈਨ, ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਪੀ (ਹੈਡ ਕੁਆਰਟਰ) ਸੋਹਣ ਲਾਲ ਸੋਨੀ, ਨਗਰ ਕੌਂਸਲਾਂ ਦੇ ਸਮੂਹ ਕਾਰਜ ਸਾਧਕ ਅਫਸਰ ਅਤੇ ਗਊਸ਼ਾਲਾ ਦੇ ਪ੍ਰਬੰਧਕ ਮੌਜੂਦ ਸਨ।