ਰਾਜਪੁਰਾ : ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਵੀ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ ਅਤੇ ਉੱਥੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨ ਤਹਿਸੀਲਦਾਰ ਜਸਪ੍ਰੀਤ ਸਿੰਘ ਨਾਲ ਪੰਜ ਮਿੰਟ ਤੱਕ ਗੱਲਬਾਤ ਕਰਦਿਆਂ ਆਪਣੇ ਸਾਹਮਣੇ ਦੋ ਰਜਿਸਟਰੀਆਂ ਕਰਵਾਈਆਂ।
ਤਹਿਸੀਲਦਾਰ ਨੇ ਦੱਸਿਆ ਕਿ ਰੋਜ਼ਾਨਾ 35-40 ਰਜਿਸਟਰੀਆਂ ਹੁੰਦੀਆਂ ਹਨ, ਜਿਨ੍ਹਾਂ ਦੀ ਪਹਿਲਾਂ ਆਨਲਾਈਨ ਬੁਕਿੰਗ ਹੁੰਦੀ ਹੈ, ਬੁਕਿੰਗ ਵਾਲੀਆਂ ਸਾਰੀਆਂ ਰਜਿਸਟਰੀਆਂ ਦਾ ਕੰਮ ਉਸੇ ਦਿਨ ਹੀ ਸਮਾਪਤ ਕੀਤਾ ਜਾਂਦਾ ਹੈ। ਇਸ ਲਈ ਕਈ ਵਾਰ ਸ਼ਾਮ 5 ਵਜੇ ਤੋਂ ਵੱਧ ਦਾ ਸਮਾਂ ਵੀ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਕੰਮ ਦੀ ਤਾਰੀਫ਼ ਕੀਤੀ। ਸ੍ਰੀ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਅਧਿਕਾਰੀਆਂ ’ਚ ਕਿਸੇ ਕਿਸਮ ਦਾ ਨੁਕਸ ਕੱਢਣਾ ਨਹੀਂ ਹੈ ਸਗੋਂ ਉਨ੍ਹਾਂ ਦਾ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਨਸੀਹਤ ਵੀ ਦਿੱਤੀ।
ਮਾਨ ਨੇ ਸਪੱਸ਼ਟ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦੇ ਹਨ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਐੱਨਓਸੀ ਪ੍ਰਣਾਲੀ ਨੂੰ ਖ਼ਤਮ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਾਨਕ ਤਹਿਸੀਲ ਕੰਪਲੈਕਸ ਦਾ ਕੀਤਾ ਦੌਰਾ, ਨਾਗਰਿਕ ਕੇਂਦਰਿਤ ਸੇਵਾਵਾਂ ਦਾ ਕੀਤਾ ਮੁਆਇਨਾ
Leave a comment