ਅੰਮ੍ਰਿਤਸਰ: ਆਪਣਾ ਪੰਜਾਬ ਮੀਡੀਆ: ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਲੋਕਾਂ ਨੇ ਬਦਲਾਅ ਲਿਆਉਣ ਦੇ ਮੰਤਵ ਨਾਲ ‘ਆਪ’ ਨੂੰ ਵੋਟਾਂ ਪਾਈਆਂ ਸਨ ਪਰ ਇਹ ਸਰਕਾਰ ਦੇ ਆਉਣ ਨਾਲ ਲੋਕਾਂ ਦੇ ਜੀਵਨ ਵਿੱਚ ਤਾਂ ਕੋਈ ਬਦਲਾਅ ਨਹੀਂ ਆਇਆ ਪਰ ‘ਆਪ’ ਦੇ ਆਗੂਆਂ ਦੇ ਜੀਵਨ ਵਿੱਚ ਜ਼ਰੂਰ ਬਦਲਾਅ ਆਇਆ ਹੈ।
ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ 13 ਸੀਟਾਂ ਜਿੱਤਣ ਦੇ ਕੀਤੇ ਜਾ ਰਹੇ ਦਾਅਵੇ ਬਾਰੇ ਉਨ੍ਹਾਂ ਕਿਹਾ ਕਿ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਨੂੰ 13 ਹਲਕਿਆਂ ਵਿੱਚ ਦਾਖਲ ਨਹੀਂ ਹੋਣ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ ਅਤੇ ਹਰੇਕ ਵਿਅਕਤੀ ਅਸੁਰੱਖਿਅਤ ਮਹਿਸੂਸ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਆਖਿਆ ਕਿ ਜਦੋਂ ਵੀ ਇਹ ਲੋਕ ਵੋਟਾਂ ਮੰਗਣ ਲਈ ਆਉਣ ਤਾਂ ਖਾਸ ਕਰਕੇ ਸੂਬੇ ਦੀਆਂ ਔਰਤਾਂ ਇਨ੍ਹਾਂ ਕੋਲੋਂ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਬਾਰੇ ਜ਼ਰੂਰ ਪੁੱਛਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਣਿਆ ਦੋ ਸਾਲ ਹੋ ਰਹੇ ਹਨ ਅਤੇ ‘ਆਪ’ ਸਰਕਾਰ ਵੱਲੋਂ ਹਰ ਔਰਤ ਨੂੰ 24 ਹਜ਼ਾਰ ਰੁਪਿਆ ਦੇਣਾ ਬਕਾਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਪ੍ਰਤੀ ਅਪਣਾਏ ਵਤੀਰੇ ਦੀ ਵੀ ਸਖਤ ਆਲੋਚਨਾ ਕੀਤੀ।
ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸ਼ਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

Leave a comment