ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਕੀਤੀ ਹੁੰਦੀ ਤਾਂ ਪਾਰਟੀ ਨੂੰ ਇਹ ਦਿਨ ਨਾ ਦੇਖਣੇ ਪੈਂਦੇ: ਗੁਰਪ੍ਰਤਾਪ ਸਿੰਘ ਵਡਾਲਾ
ਜਲੰਧਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸੁਧਾਰ ਲਹਿਰ ਨੂੰ ਅੱਗੇ ਤੋਰਦਿਆਂ 13 ਮੈਂਬਰੀ ਪ੍ਰਜ਼ੀਡੀਅਮ ਦਾ ਐਲਾਨ ਕੀਤਾ ਹੈ। ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਨ੍ਹਾਂ 13 ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਗਗਨਜੀਤ ਸਿੰਘ ਬਰਨਾਲਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਕਿਰਨਜੀਤ ਕੌਰ, ਚਰਨਜੀਤ ਸਿੰਘ ਬਰਾੜ, ਬੀਬੀ ਪਰਮਜੀਤ ਕੌਰ ਲਾਂਡਰਾ ਤੇ ਹਰਿੰਦਰ ਪਾਲ ਸਿੰਘ ਟੌਹੜਾ ਸ਼ਾਮਲ ਹਨ।
ਜਥੇਦਾਰ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਨਾਜ਼ੁਕ ਹਾਲਾਤ ਵਿੱਚੋਂ ਲੰਘ ਰਿਹਾ ਹੈ ਅਤੇ ਇਹ ਸਿੱਖ ਪੰਥ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਹੁੰਦੀਆਂ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇਹ ਦਿਨ ਨਾ ਦੇਖਣਾ ਪੈਂਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਮਨੋਰਥ ਸਿੱਖ ਕੌਮ ਦੇ ਸਾਹਮਣੇ ਅਜਿਹਾ ਏਜੰਡਾ ਲੈ ਕੇ ਜਾਣਾ ਹੈ, ਜੋ ਸਮੁੱਚੇ ਪੰਥ ਅਤੇ ਸੰਗਤ ਅੱਗੇ ਸੁਹਿਰਦ ਸਿੱਖ ਲੀਡਰਸ਼ਿਪ ਖੜ੍ਹੀ ਕਰ ਸਕੇ ਤੇ ਸਿੱਖ ਪੰਥ ਦਾ ਵਿਸ਼ਵਾਸ ਮੁੜ ਹਾਸਲ ਹੋ ਸਕੇ। ਜਥੇਦਾਰ ਵਡਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਉਹ ਸਿੱਖ ਪੰਥ ਦੀ ਨਬਜ਼ ਪਛਾਣਦਿਆਂ ਤਿਆਗ ਦੀ ਭਾਵਨਾ ਦਿਖਾਉਣ ਅਤੇ ਅਹੁਦੇ ਤੋਂ ਲਾਂਭੇ ਹੋ ਕੇ ਪੰਥ ਤੇ ਸਿੱਖੀ ਦੀ ਸੇਵਾ ਕਰਨ।