ਲੁਧਿਆਣਾ : ਆਪਣਾ ਪੰਜਾਬ ਮੀਡੀਆ : ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਬੀਤੇ ਦਿਨ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਲੁਧਿਆਣਾ ਦੇ ਕਾਂਗਰਸੀਆਂ ਨੇ ਚੁੱਪ ਧਾਰੀ ਹੋਈ ਹੈ। ਕਿਸੇ ਵੇਲੇ ਚੰਗੇ ਦੋਸਤ ਕਹੇ ਜਾਣ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਹਾਲੇ ਕੋਈ ਟਿੱਪਣੀ ਨਹੀਂ ਦਿੱਤੀ ਅਤੇ ਨਾ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੁਝ ਕਿਹਾ ਹੈ। ਚਰਨਜੀਤ ਸਿੰਘ ਚੰਨੀ ਜਦੋਂ ਮੁੱਖ ਮੰਤਰੀ ਸਨ ਤਾਂ ਆਸ਼ੂ ਉਨ੍ਹਾਂ ਦੀ ਕੈਬਨਿਟ ’ਚ ਵਜ਼ੀਰ ਸਨ। ਵਿਧਾਨ ਸਭਾ ’ਚ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ੂ ਨੂੰ ਜਰਨੈਲ ਦੱਸਿਆ ਸੀ। ਆਸ਼ੂ ਲੁਧਿਆਣਾ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ ਪਰ ਮੌਕੇ ’ਤੇ ਕਾਂਗਰਸ ਨੇ ਰਾਜਾ ਵੜਿੰਗ ਨੂੰ ਟਿਕਟ ਦੇ ਦਿੱਤੀ ਸੀ। ਇਸ ਤੋਂ ਬਾਅਦ ਆਸ਼ੂ ਅਤੇ ਰਾਜਾ ਵੜਿੰਗ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ ਸੀ।
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਸ਼ੂ ਨੂੰ ਬੀਤੇ ਦਿਨ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਦੇਰ ਰਾਤ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ, ਵਿਧਾਇਕ ਸੁਖਵਿੰਦਰ ਕੋਟਲੀ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਉਨ੍ਹਾਂ ਨੂੰ ਮਿਲਣ ਪੁੱਜੇ ਪਰ ਉਨ੍ਹਾਂ ਨੂੰ ਮਿਲਣ ਨਾ ਦਿੱਤਾ ਗਿਆ। ਆਸ਼ੂ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਦੇ ਧੜੇ ਦੇ ਸਾਰੇ ਆਗੂ ਸ਼ਾਂਤ ਹੋ ਗਏ ਹਨ। ਕਿਸੇ ਸਮੇਂ ਆਸ਼ੂ ਦੇ ਸਭ ਤੋਂ ਨਜ਼ਦੀਕੀ ਗਿਣੇ ਜਾਣ ਵਾਲੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੈ ਤਲਵਾੜ ਵੀ ਕੁੱਝ ਨਹੀਂ ਬੋਲੇ। ਸੂਤਰਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਦੇ ਦਫ਼ਤਰ ’ਚ ਸੀਨੀਅਰ ਆਗੂਆਂ ਨੇ ਮੀਟਿੰਗ ਕੀਤੀ ਪਰ ਕਿਸੇ ਨੂੰ ਨਾ ਤਾਂ ਸੱਦਿਆ ਗਿਆ ਅਤੇ ਨਾ ਹੀ ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀਆਂ ਨੇ ਧਾਰੀ ਚੁੱਪ
Leave a comment