ਅੰਮ੍ਰਿਤਸਰ: ਆਪਣਾ ਪੰਜਾਬ ਮੀਡੀਆ: ਚੀਫ ਖਾਲਸਾ ਦੀਵਾਨ ਦੀ ਨਵੀਂ ਚੁਣੀ ਗਈ ਪ੍ਰਬੰਧਕੀ ਟੀਮ ਨੇ ਕਾਰਜਸਾਧਕ ਕਮੇਟੀ ਦੀ ਪਹਿਲੀ ਮੀਟਿੰਗ ਵਿੱਚ ਦੁਨੀਆਂ ਭਰ ਵਿੱਚ ਲੋਕਾਂ ਨੂੰ ਸਿੱਖ ਪਛਾਣ ਅਤੇ ਸਿੱਖੀ ਸਿਧਾਂਤਾਂ ਪ੍ਰਤੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਭਾਸ਼ਾਵਾਂ ਵਿੱਚ ਪ੍ਰਚਾਰ ਸਮੱਗਰੀ ਤਿਆਰ ਕਰਨ ਦੀ ਯੋਜਨਾ ’ਤੇ ਵਿਚਾਰ ਕੀਤਾ। ਇਹ ਮੀਟਿੰਗ ਦੀਵਾਨ ਦੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਈ ਜਿਸ ਦੀ ਪ੍ਰਧਾਨਗੀ ਨਵੇਂ ਬਣੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਕੀਤੀ। ਮੀਟਿੰਗ ਦਾ ਏਜੰਡੇ ਬਾਰੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਪੜ੍ਹ ਕੇ ਮੈਂਬਰਾਂ ਨੂੰ ਜਾਣੂ ਕਰਾਇਆ। ਮੀਟਿੰਗ ਵਿੱਚ ਦੀਵਾਨ ਅਤੇ ਇਸ ਤੇ ਪ੍ਰਬੰਧ ਹੇਠ ਚੱਲ ਰਹੇ ਵਿੱਦਿਅਕ ਅਦਾਰਿਆਂ ਅਤੇ ਹੋਰ ਅਦਾਰਿਆਂ ਦਾ ਕੰਮ-ਕਾਜ ਚਲਾਉਣ ਵਾਸਤੇ ਵੱਖ-ਵੱਖ ਕਮੇਟੀਆਂ ਬਣਾਉਣ ਦਾ ਫ਼ੈਸਲਾ ਕੀਤਾ ਗਿਆ।
ਇਹ ਕਮੇਟੀਆਂ ਬਣਾਉਣ ਦੇ ਸਮੁੱਚੇ ਹੱਕ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਦਿੱਤੇ ਗਏ ਪਰ ਉਨ੍ਹਾਂ ਨੇ ਸਮੂਹ ਮੈਂਬਰਾਂ ਨੂੰ ਆਪਣੀ ਯੋਗਤਾ ਅਨੁਸਾਰ ਕਿਸੇ ਵੀ ਕਮੇਟੀ ਦਾ ਹਿੱਸਾ ਬਣ ਕੇ ਦੀਵਾਨ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਦੀਵਾਨ ਬਾਰੇ ਕੂੜ ਪ੍ਰਚਾਰ ਨੂੰ ਰੋਕਣ ਅਤੇ ਸੋਸ਼ਲ ਮੀਡੀਆ ਨੂੰ ਮਜ਼ਬੂਤ ਕਰਨ ਵਾਸਤੇ ਵੀ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਗਈ। ਮੀਟਿੰਗ ਵਿੱਚ ਮੈਂਬਰਾਂ ਵੱਲੋਂ ਸਿੱਖੀ ਪਛਾਣ ਅਤੇ ਸਿੱਖੀ ਸਿਧਾਂਤਾਂ ਪ੍ਰਤੀ ਜਾਗਰੂਕਤਾ ਲਹਿਰ ਚਲਾਉਣ ਦੀ ਤਜਵੀਜ਼ ਰੱਖੀ ਗਈ। ਮੈਂਬਰਾਂ ਨੇ ਆਖਿਆ ਕਿ ਜਿਵੇਂ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਸਿੱਖੀ ਪਛਾਣ ਅਤੇ ਸਿੱਖੀ ਸਿਧਾਂਤਾਂ ਪ੍ਰਤੀ ਵਿਸ਼ਵ ਭਰ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ ਉਸੇ ਤਰ੍ਹਾਂ ਚੀਫ ਖਾਲਸਾ ਦੀਵਾਨ ਨੂੰ ਵੀ ਸਿੱਖ ਪਛਾਣ ਅਤੇ ਸਿੱਖ ਸਿਧਾਂਤਾਂ ਪ੍ਰਤੀ ਵਿਸ਼ਵ ਭਰ ਵਿੱਚ ਲੋਕਾਂ ਨੂੰ ਜਾਣੂ ਕਰਾਉਣ ਵਾਸਤੇ ਵੱਖ-ਵੱਖ ਭਾਸ਼ਾਵਾਂ ਵਿੱਚ ਦਸਤਾਵੇਜ਼ੀ ਫਿਲਮ ਤਿਆਰ ਕਰਕੇ ਅਤੇ ਹੋਰ ਪ੍ਰਚਾਰ ਸਮੱਗਰੀ ਪ੍ਰਕਾਸ਼ਿਤ ਕਰਨੀ ਚਾਹੀਦੀ ਹੈ।
ਸਿੱਖਾਂ ਦੀ ਪਛਾਣ ਬਾਰੇ ਜਾਗਰੂਕ ਕਰਾਉਣ ਲਈ ਚੀਫ਼ ਖ਼ਾਲਸਾ ਦੀਵਾਨ ਕਮੇਟੀ ਨੇ ਵੱਖ-ਵੱਖ ਭਾਸ਼ਾਵਾਂ ‘ਚ ਪ੍ਰਚਾਰ ਸਮੱਗਰੀ ਤਿਆਰ ਕਰਨ ਦੀ ਬਣਾਈ ਯੋਜਨਾ
Leave a comment