ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਸਲਿਆਂ ‘ਤੇ ਹੋਵੇਗੀ ਚਰਚਾ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 15 ਜੁਲਾਈ ਨੂੰ ਸੱਦੀ ਗਈ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਦਿੱਤੇ ਗਏ ਪੱਤਰ ਸਣੇ ਹੋਰ ਸਿੱਖਾਂ ਨਾਲ ਸਬੰਧਿਤ ਹੋਰ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦੀ ਸੰਭਾਵਨਾ ਹੈ। ਸ੍ਰੀ ਅਕਾਲ ਤਖਤ ਦੇ ਜੱਥੇਦਾਰੀ ਗਿਆਨੀ ਰਘਬੀਰ ਸਿੰਘ ਦੇ ਨਿਜੀ ਸਹਾਇਕ ਜਸਪਾਲ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ 15 ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ਦੀ ਪੁਸ਼ਤੀ ਕੀਤੀ ਤੇ ਦੱਸਿਆ ਕਿ ਇਸ ਲਈ ਪੰਜ ਤਖ਼ਤਾਂ ਦੇ ਜੱਥੇਦਾਰੀ ਸਾਹਿਬਾਨ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ। ਮਿਲੇ ਵੇਰਵਿਆਂ ਦੇ ਮੁਤਾਬਕ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੱਲ ਰਹੇ ਸੰਕਟ ਤੋਂ ਇਲਾਵਾ ਚੰਡੀਗੜ੍ਹ ਨੇੜੇ ਇੱਕ ਫਿਲਮ ਦੀ ਸ਼ੂਟਿੰਗ ਸਮੇਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਨਕਲ ਕਰਕੇ ਦ੍ਰਿਸ਼ ਫਿਲਮਾਏ ਜਾਣ ਦੇ ਮਾਮਲੇ ’ਤੇ ਵਿਚਾਰ ਕੀਤੀ ਜਾ ਸਕਦੀ ਹੈ।