ਸੰਗਰੂਰ : ਦਲਜੀਤ ਕੌਰ : ਅੱਜ ਸੰਯੁਕਤ ਕਿਸਾਨ ਮੋਰਚਾ ਇਕਾਈ ਸੰਗਰੂਰ ਵਿਖੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 19 ਅਗਸਤ ਨੂੰ ਸੰਗਰੂਰ ਦੇ ਹਲਕਾ ਲਹਿਰਾ, ਸੁਨਾਮ, ਦਿੜ੍ਹਬਾ, ਧੂਰੀ ਅਤੇ ਸੰਗਰੂਰ ਦੇ ਐੱਮਐੱਲਏ ਦੇ ਦਫ਼ਤਰਾਂ ਅੱਗੇ 11 ਤੋਂ 4:00 ਵਜੇ ਤੱਕ ਧਰਨੇ ਦੇ ਕੇ ਉਨ੍ਹਾਂ ਨੂੰ ਚੇਤਾਵਨੀ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਕੁਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਨਿਰੰਜਣ ਸਫੀਪੁਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖ਼ਪੁਰਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਇੰਦਰਪਾਲ ਸਿੰਘ ਪੁੰਨਾਵਾਲ, ਬੀ ਕੇ ਯੂ ਲੱਖੋਵਾਲ ਦੇ ਆਗੂ ਮਹਿੰਦਰ ਸਿੰਘ ਸਲੇਮਪੁਰ ਨੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਨੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ ਪਰ ਪੰਜਾਬ ਸਰਕਾਰ ਨੇ ਅਜੇ ਤੱਕ ਲੋਕਾਂ ਦੇ ਨੁਕਸਾਨ ਦਾ ਕੋਈ ਮੁਆਵਜਾ ਨਹੀਂ ਦਿੱਤਾ ਇਸ ਕਰਕੇ ਮੋਰਚੇ ਵੱਲੋਂ ਮੰਗ ਕੀਤੀ ਜਾਵੇਗੀ ਕਿ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ, ਲੋਕ ਗਰੀਬ ਲੋਕਾਂ ਦੇ ਘਰਾਂ ਦੇ ਹੋਏ ਨੁਕਸਾਨ, ਪਸ਼ੂਆਂ ਅਤੇ ਮਨੁੱਖੀ ਜਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਬਿਨਾਂ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੀ ਕਰਜਾ ਮਾਫੀ, 60 ਸਾਲ ਤੋਂ ਉੱਪਰ ਦੇ ਕਿਸਾਨਾਂ ਲਈ ਪੈਨਸ਼ਨ, ਸਾਰੀਆਂ ਫਸਲਾਂ ਲਈ ਬੀਮਾ ਯੋਜਨਾ, ਸਾਰੀਆਂ ਫਸਲਾਂ ਦੀ ਐੱਮਐੱਸਪੀ ਤੇ ਸਰਕਾਰੀ ਖਰੀਦ ਦੀ ਗਾਰੰਟੀ ਸਮੇਤ ਸੰਯੁਕਤ ਮੋਰਚੇ ਦੀਆਂ ਬਾਕੀ ਰਹਿੰਦੀਆਂ ਮੰਗਾਂ ਸਬੰਧੀ ਚਿਤਾਵਨੀ ਪੱਤਰ ਦਿੱਤੇ ਜਾਣਗੇ।
ਆਗੂਆਂ ਨੇ ਦੱਸਿਆ ਕਿ ਇਸ ਸਮੇਂ ਪੂਰੇ ਦੇਸ਼ ਵਿੱਚ ਲੋਕ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਮਹਿੰਗਾਈ ਅਤੇ ਹੋਰ ਸਮੱਸਿਆਵਾਂ ਤੋਂ ਤੰਗ ਹਨ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰ ਜਿੱਥੇ ਝੂਠੇ ਲਾਰੇ ਲਾ ਰਹੀਆਂ ਹਨ ਉਥੇ ਸੰਘਰਸ਼ ਨੂੰ ਜਬਰ ਰਾਹੀਂ ਕੁਚਲਣ ਦੇ ਰਾਹ ਪਈਆਂ ਹਨ। 19 ਅਗਸਤ ਨੂੰ ਵੱਡੀ ਲਾਮਬੰਦੀ ਕਰਕੇ ਐਮਐਲਏ ਐਮਪੀਆਂ ਨੂੰ ਚੇਤਾਵਨੀ ਪੱਤਰ ਦਿੱਤੇ ਜਾਣਗੇ।ਇਸ ਸਮੇਂ ਮੀਟਿੰਗ ਵਿੱਚ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਲੱਖੋਵਾਲ ਦੇ ਭਗਤ ਸਿੰਘ, ਜਮਹੂਰੀ ਕਿਸਾਨ ਸਭਾ ਦੇ ਲਾਭ ਸਿੰਘ ਨਮੋਲ ਵੀ ਹਾਜ਼ਰ ਸਨ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਲਏਜ਼ ਦੇ ਦਫ਼ਤਰਾਂ ਅੱਗੇ ਧਰਨੇ ਲਗਾਉਣ ਦਾ ਐਲਾਨ

Leave a comment
Leave a comment