ਅੰਮ੍ਰਿਤਸਰ: ਆਪਣਾ ਪੰਜਾਬ ਮੀਡੀਆ – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਜਤਿਨ ਪ੍ਰਸਾਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪਾਕਿਸਤਾਨ ਨਾਲ ਅਟਾਰੀ ਸੜਕ ਮਾਰਗ ਰਾਹੀ ਵਪਾਰ ਖੋਲ੍ਹਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਤੋਂ ਗਹਿਣਿਆਂ ਦੀ ਐਕਸਪੋਰਟ ਸ਼ੁਰੂ ਕਰਨ ਦੀ ਇਜਾਜ਼ਤ ਦੇਣ ਦੇ ਫੈਸਲੇ ਦੀ ਸ਼ਲਾਘਾ ਕੀਤੀ। ਸ੍ਰੀ ਔਜਲਾ ਨੇ ਕਿਹਾ ਕਿ ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਅਟਾਰੀ -ਵਾਹਗਾ ਰਾਹੀਂ ਪਾਕਿਸਤਾਨ ਨਾਲ ਬੰਦ ਵਪਾਰ ਖੋਲ੍ਹਣ ‘ਤੇ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਯਾਤ ਨਿਰਯਾਤ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿਤਿਨ ਪ੍ਰਸਾਦ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਲਈ ਹੋਰ ਵੀ ਵਧੀਆ ਫੈਸਲੇ ਲਏ ਜਾਣਗੇ ਅਤੇ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਹੱਲ ਕਰਨ ਲਈ ਕੰਮ ਕੀਤਾ ਜਾਵੇਗਾ।