ਲੈਂਡ ਪੂਲਿੰਗ ਨੀਤੀ, ਐੱਮਐੱਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਟੌਲ ਪਲਾਜ਼ੇ ਕੀਤੇ ਪਰਚੀ-ਮੁਕਤ; ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਚੰਡੀਗੜ੍ਹ/ਆਪਣਾ ਪੰਜਾਬ ਮੀਡੀਆ: ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ਹੇਠ ਸੂਬੇ ਭਰ ਦੇ ਕਈ ਟੌਲ ਪਲਾਜ਼ਿਆਂ ‘ਤੇ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਕੁਝ ਸਮੇਂ ਲਈ ਪਰਚੀ-ਮੁਕਤ ਕੀਤਾ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਖੇਤੀਬਾੜੀ ਖੇਤਰ, ਐੱਮਐੱਸਪੀ ਪ੍ਰਣਾਲੀ ਅਤੇ ਕਿਸਾਨਾਂ ਦੀ ਆਰਥਿਕ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ।
ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਪਾਰ ਸਮਝੌਤੇ ਸਬੰਧੀ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵੀ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਕਿਸਾਨ ਜਥੇਬੰਦੀਆਂ ਨੇ ਕਰਜ਼ਾ ਮੁਆਫ਼ੀ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਬੈਂਕਾਂ ਦੀ ਕਥਿਤ ਧੱਕੇਸ਼ਾਹੀ ਅਤੇ ਹੋਰ ਲੰਬਿਤ ਮੰਗਾਂ ਨੂੰ ਵੀ ਉਠਾਇਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਮੰਗਾਂ ‘ਤੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।


