‘ਭਾਰਤ ਟੈਕਸ-2026’ ਦੌਰਾਨ ਉਦਯੋਗਪਤੀਆਂ ਨੂੰ ਨਿਵੇਸ਼ ਦਾ ਸੱਦਾ; ਨਵੀਂ ਉਦਯੋਗਿਕ ਨੀਤੀ ਅਤੇ ਸਿੰਗਲ ਵਿੰਡੋ ਪ੍ਰਣਾਲੀ ਦਾ ਦਿੱਤਾ ਹਵਾਲਾ
ਨਵੀਂ ਦਿੱਲੀ/ਆਪਣਾ ਪੰਜਾਬ ਮੀਡੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਟੈਕਸਟਾਈਲ ਉਦਯੋਗ ਲਈ ਦੇਸ਼ ਦੇ ਸਭ ਤੋਂ ਵੱਧ ਸੰਭਾਵਨਾਵਾਂ ਵਾਲੇ ਸੂਬਿਆਂ ਵਿੱਚੋਂ ਇੱਕ ਹੈ ਅਤੇ ਸਰਕਾਰ ਇਸ ਖੇਤਰ ਵਿੱਚ ਨਿਵੇਸ਼ ਕਰਨ ਵਾਲੇ ਉਦਯੋਗਪਤੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ‘ਭਾਰਤ ਟੈਕਸ-2026’ ਦੌਰਾਨ ਪੰਜਾਬ ਸਟੇਟ ਪੈਵੇਲੀਅਨ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਰਮੇ ਦੀ ਖੇਤੀ ਤੋਂ ਲੈ ਕੇ ਗਾਰਮੈਂਟਸ ਅਤੇ ਨਿਰਯਾਤ ਤੱਕ ਪੂਰੀ ਟੈਕਸਟਾਈਲ ਵੈਲਯੂ ਚੇਨ ਮੌਜੂਦ ਹੈ, ਜੋ ਨਿਵੇਸ਼ਕਾਂ ਲਈ ਵੱਡਾ ਮੌਕਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਿਵੇਸ਼, ਰੁਜ਼ਗਾਰ ਅਤੇ ਬਰਾਮਦ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ ਲਾਗੂ ਕੀਤੀ ਹੈ। ਸਿੰਗਲ ਵਿੰਡੋ ਅਤੇ ਸਿੰਗਲ ਪੈਨ ਪ੍ਰਣਾਲੀ ਰਾਹੀਂ ਉਦਯੋਗਾਂ ਨੂੰ ਸਮਾਂਬੱਧ ਮਨਜ਼ੂਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ਦੋ ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਹੋਇਆ ਹੈ ਅਤੇ ਪੰਜ ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ।


