ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਨੈਗੇਟਿਵ ਰਿਪੋਰਟ ਤੋਂ ਬਾਅਦ ਵਿਰੋਧੀ ਧਿਰਾਂ ਨੇ ਸੈਂਪਲਿੰਗ ਪ੍ਰਕਿਰਿਆ ’ਤੇ ਚੁੱਕੇ ਸਵਾਲ
ਖੰਨਾ : ਆਪਣਾ ਪੰਜਾਬ ਮੀਡੀਆ : ਖੰਨਾ ਦੇ ਸਿਵਲ ਹਸਪਤਾਲ ਵਿੱਚ ਕੈਬਨਿਟ ਮੰਤਰੀ ਅਤੇ ਖੰਨਾ ਤੋਂ ‘ਆਪ’ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਦੇ ਡੋਪ ਟੈਸਟ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ। ਮੰਤਰੀ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਸੈਂਪਲ ਲੈਣ ਦੀ ਪ੍ਰਕਿਰਿਆ ਅਤੇ ਹਸਪਤਾਲ ਪ੍ਰਬੰਧਨ ਦੀ ਭੂਮਿਕਾ ’ਤੇ ਸਵਾਲ ਉਠਾਏ।
ਵਿਰੋਧੀ ਆਗੂਆਂ ਮੁਤਾਬਕ ਡੋਪ ਟੈਸਟ ਲਈ ਸਵੇਰੇ 11 ਵਜੇ ਦਾ ਸਮਾਂ ਤੈਅ ਕੀਤਾ ਗਿਆ ਸੀ, ਪਰ ਸੌਂਦ ਇਸ ਤੋਂ ਕੁਝ ਮਿੰਟ ਪਹਿਲਾਂ ਹਸਪਤਾਲ ਪਹੁੰਚ ਗਏ ਅਤੇ ਐੱਸਐੱਮਓ ਦੇ ਕਮਰੇ ਵਿੱਚ ਨਮੂਨਾ ਦਿੱਤਾ। ਆਗੂਆਂ ਨੇ ਸੈਂਪਲਿੰਗ ਦੀ ਪਾਰਦਰਸ਼ਤਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪ੍ਰਕਿਰਿਆ ਸਾਰਿਆਂ ਲਈ ਇੱਕੋ ਜਿਹੀ ਅਤੇ ਸਪੱਸ਼ਟ ਹੋਣੀ ਚਾਹੀਦੀ ਸੀ। ਇਸ ਦੌਰਾਨ ਐੱਸਐੱਮਓ ਦਫ਼ਤਰ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਿਚਾਲੇ ਤਿੱਖੀ ਬਹਿਸ ਹੋਈ ਅਤੇ ਪੁਲੀਸ ਨੇ ਦਖ਼ਲ ਦੇ ਕੇ ਸਥਿਤੀ ਨੂੰ ਕਾਬੂ ਕੀਤਾ।
ਇਸ ਮੌਕੇ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਅਤੇ ਸਾਬਕਾ ਕਾਂਗਰਸੀ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੀ ਡੋਪ ਟੈਸਟ ਕਰਵਾਏ, ਜਿਨ੍ਹਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ। ਯਾਦੂ ਅਤੇ ਕੋਟਲੀ ਨੇ ਮੰਤਰੀ ਸੌਂਦ ਦੇ ਟੈਸਟ ਦੀ ਪਾਰਦਰਸ਼ਤਾ ’ਤੇ ਸਵਾਲ ਉਠਾਏ ਅਤੇ ਮੁੜ ਕਿਸੇ ਵੱਡੀ ਮੈਡੀਕਲ ਸੰਸਥਾ ਵਿੱਚ ਟੈਸਟ ਕਰਵਾਉਣ ਦੀ ਮੰਗ ਕੀਤੀ। ਦੂਜੇ ਪਾਸੇ, ਸੌਂਦ ਨੇ ਵਿਰੋਧੀ ਧਿਰਾਂ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਹੈ ਅਤੇ ਵਿਰੋਧੀਆਂ ਕੋਲ ਕੋਈ ਹੋਰ ਮੁੱਦਾ ਨਹੀਂ ਹੈ।


