ਹਾੜ੍ਹੀ ਸੀਜ਼ਨ 2026-27 ਲਈ ਸਮੇਂ ਸਿਰ ਖਾਦ ਦੀ ਸਪਲਾਈ ਦੀ ਮੰਗ; ਕਣਕ ਤੇ ਆਲੂ ਦੀ ਬਿਜਾਈ ਲਈ ਖਾਦਾਂ ਦੀ ਉਪਲਬਧਤਾ ਨੂੰ ਦੱਸਿਆ ਅਹਿਮ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਾੜ੍ਹੀ ਸੀਜ਼ਨ 2026-27 ਦੌਰਾਨ ਪੰਜਾਬ ਨੂੰ DAP ਅਤੇ ਯੂਰੀਆ ਖਾਦ ਦੀ ਬਿਨਾਂ ਦੇਰੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਨਵੀਂ ਦਿੱਲੀ ਵਿੱਚ ਹੋਈ ਕੌਮੀ ਖੇਤੀ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਕਣਕ ਅਤੇ ਆਲੂ ਸਮੇਤ ਹਾੜ੍ਹੀ ਦੀਆਂ ਮੁੱਖ ਫਸਲਾਂ ਦੀ ਬਿਜਾਈ ਲਈ ਪੰਜਾਬ ਨੂੰ 5.5 ਲੱਖ ਮੀਟ੍ਰਿਕ ਟਨ DAP ਅਤੇ 15 ਲੱਖ ਮੀਟ੍ਰਿਕ ਟਨ ਯੂਰੀਆ ਦੀ ਲੋੜ ਹੈ।
ਖੁੱਡੀਆਂ ਨੇ ਕਿਹਾ ਕਿ ਪੰਜਾਬ ਕੋਲ ਲਗਭਗ 41 ਲੱਖ ਹੈਕਟੇਅਰ ਵਾਹੀਯੋਗ ਰਕਬਾ ਹੈ ਅਤੇ ਸੂਬਾ ਕੇਂਦਰੀ ਅੰਨ ਭੰਡਾਰ ਵਿੱਚ ਕਰੀਬ 40 ਫ਼ੀਸਦੀ ਕਣਕ ਅਤੇ 22 ਫ਼ੀਸਦੀ ਝੋਨੇ ਦਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ DAP ਅਤੇ ਯੂਰੀਆ ਦੀ ਸਪਲਾਈ ਵਿੱਚ ਦੇਰੀ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ, ਇਸ ਲਈ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਖਾਦ ਦੀ ਲੋੜੀਂਦੀ ਮਾਤਰਾ ਪੰਜਾਬ ਵਿੱਚ ਪਹੁੰਚਾਉਣਾ ਜ਼ਰੂਰੀ ਹੈ। ]
ਖੇਤੀਬਾੜੀ ਮੰਤਰੀ ਨੇ ਇਸ ਮੌਕੇ ਪੰਜਾਬ ਵਿੱਚ ਖੇਤੀ ਵਿਭਿੰਨਤਾ ਅਤੇ ਪਰਾਲੀ ਪ੍ਰਬੰਧਨ ਸਬੰਧੀ ਸਰਕਾਰ ਦੇ ਕਦਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕੇਂਦਰ ਤੋਂ ਪਰਾਲੀ ਪ੍ਰਬੰਧਨ ਲਈ 150 ਕਰੋੜ ਰੁਪਏ ਦੀ ਅਗਲੀ ਕਿਸ਼ਤ ਜਾਰੀ ਕਰਨ ਦੀ ਮੰਗ ਵੀ ਕੀਤੀ, ਤਾਂ ਜੋ ਕਿਸਾਨਾਂ ਨੂੰ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਸਕੇ।


