ਮੋਹਣਜੀਤ ਸਿੰਘ ਅਤੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ; ਨਸ਼ਿਆਂ ਅਤੇ ਕਥਿਤ ਪੁਲਿਸ ਕਾਰਵਾਈ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਸੰਗਰੂਰ : ਆਪਣਾ ਪੰਜਾਬ ਮੀਡੀਆ : ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਕਾਲੇ ਚੋਲੇ ਪਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਰੋਸ ਮਾਰਚ ਕੀਤਾ। ਇਹ ਮਾਰਚ ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਅਤੇ ਪਿੰਡ ਤੂਰਬੰਜਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਲੜੀਵਾਰ ਧਰਨੇ ਦੇ ਅੱਠਵੇਂ ਦਿਨ ਕੀਤਾ ਗਿਆ। ਅਕਾਲੀ ਆਗੂਆਂ ਨੇ ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਦੀ ਅਗਵਾਈ ਹੇਠ ਵਰਕਰ ਜੇਜੇ ਪੈਲੇਸ ਨੇੜੇ ਇਕੱਠੇ ਹੋਏ ਅਤੇ ਉਥੋਂ ਮੁੱਖ ਮੰਤਰੀ ਦੀ ਕੋਠੀ ਨੇੜੇ ਚੱਲ ਰਹੇ ਧਰਨੇ ਵਾਲੀ ਥਾਂ ਤੱਕ ਮਾਰਚ ਕੀਤਾ। ਆਗੂਆਂ ਨੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਗੁਲਜ਼ਾਰ ਸਿੰਘ ਮਾਮਲੇ ਵਿੱਚ ਜਾਂਚ ਅਤੇ ਮੋਹਣਜੀਤ ਸਿੰਘ ਨਾਲ ਕਥਿਤ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਦੀ ਮੰਗ ਵੀ ਰੱਖੀ ਗਈ।
ਅਕਾਲੀ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂ ਡਿਊਟੀ ਮੈਜਿਸਟ੍ਰੇਟ ਨੂੰ ਮੰਗ ਪੱਤਰ ਵੀ ਸੌਂਪਿਆ। ਜ਼ਿਕਰਯੋਗ ਹੈ ਕਿ ਮੋਹਣਜੀਤ ਇਨਸਾਫ਼ ਸੰਘਰਸ਼ ਕਮੇਟੀ ਵੱਲੋਂ 22 ਸਤੰਬਰ ਤੋਂ ਮੁੱਖ ਮੰਤਰੀ ਦੀ ਕੋਠੀ ਨੇੜੇ ਲੜੀਵਾਰ ਧਰਨਾ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਆਪਣੀ ਵਾਰੀ ਮੁਤਾਬਕ ਸ਼ਾਮਲ ਹੋ ਰਹੀਆਂ ਹਨ।


