ਗੁਜਰਾਤ ਵਿੱਚ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਹਵਾਲਾ ਦੇ ਕੇ AAP ਨੇ ਭਾਜਪਾ ’ਤੇ ਚੁੱਕੇ ਸਵਾਲ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਆਮ ਆਦਮੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਵਿੱਚ ਚਲਾਈ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ‘ਆਪ’ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਗੰਭੀਰ ਹੈ ਤਾਂ ਇਹ ਮੁਹਿੰਮ ਪੰਜਾਬ ਦੀ ਬਜਾਏ ਗੁਜਰਾਤ ਤੋਂ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।
‘ਆਪ’ ਨੇ 30 ਸਤੰਬਰ ਨੂੰ ਗੁਜਰਾਤ ATS ਅਤੇ ਭਾਰਤੀ ਕੋਸਟ ਗਾਰਡ ਵੱਲੋਂ 526 ਕਿਲੋਗ੍ਰਾਮ ਮੈਥਾਮਫੇਟਾਮਾਈਨ ਅਤੇ ਹੈਰੋਇਨ ਦੀ ਬਰਾਮਦਗੀ ਦਾ ਹਵਾਲਾ ਦਿੱਤਾ। ਪਾਰਟੀ ਨੇ ਦਾਅਵਾ ਕੀਤਾ ਕਿ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਦੀ ਕੀਮਤ 3,000 ਕਰੋੜ ਰੁਪਏ ਤੋਂ ਵੱਧ ਹੈ ਅਤੇ ਇਸ ਨੂੰ ਗੁਜਰਾਤ ਰਾਹੀਂ ਚੱਲ ਰਹੇ ਨਸ਼ਾ ਤਸਕਰੀ ਦੇ ਰੂਟਾਂ ਨਾਲ ਜੋੜਦਿਆਂ ਕੇਂਦਰ ਤੋਂ ਸਵਾਲ ਕੀਤੇ।
‘ਆਪ’ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਸੂਬੇ ਤੱਕ ਸੀਮਤ ਕਰਕੇ ਨਹੀਂ ਦੇਖਿਆ ਜਾ ਸਕਦਾ ਅਤੇ ਅੰਤਰਰਾਜੀ ਸਪਲਾਈ ਨੈੱਟਵਰਕ ’ਤੇ ਵੀ ਕਾਰਵਾਈ ਦੀ ਲੋੜ ਹੈ। ਪਾਰਟੀ ਨੇ ਕੇਂਦਰ ਸਰਕਾਰ ਤੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਹੋਰ ਸੂਬਿਆਂ ਅਤੇ ਕੇਂਦਰੀ ਏਜੰਸੀਆਂ ਦੀ ਭੂਮਿਕਾ ਬਾਰੇ ਵੀ ਜਵਾਬ ਮੰਗਿਆ ਹੈ।


