ਹਾਈਕਮਾਂਡ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਾਰੇ ਫੈਸਲਾ ਸੰਭਵ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਹਾਈਕਮਾਂਡ ਨੇ ਅੱਜ ਦਿੱਲੀ ਬੁਲਾਇਆ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਪਾਰਟੀ ਨੇ ਪੰਜਾਬ ਇਕਾਈ ਵਿੱਚ ਲੀਡਰਸ਼ਿਪ ਬਦਲਣ ਦਾ ਫੈਸਲਾ ਕਰ ਲਿਆ ਹੈ ਅਤੇ ਵੜਿੰਗ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾ ਚੁੱਕੀ ਹੈ।
ਪਾਰਟੀ ਸੂਤਰਾਂ ਅਨੁਸਾਰ ਵੜਿੰਗ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਸੰਭਾਵਨਾ ਹੈ। ਨਵੇਂ ਪ੍ਰਧਾਨ ਦੀ ਚੋਣ ਲਈ ਕਈ ਸੀਨੀਅਰ ਆਗੂਆਂ ਦੇ ਨਾਮ ਚਰਚਾ ਵਿੱਚ ਹਨ। ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਵੱਲੋਂ ਸੂਬੇ ਦੇ ਆਗੂਆਂ ਅਤੇ ਜਥੇਬੰਦਕ ਅਹੁਦੇਦਾਰਾਂ ਨਾਲ ਕੀਤੀਆਂ ਮੀਟਿੰਗਾਂ ਤੋਂ ਬਾਅਦ ਹਾਈਕਮਾਂਡ ਨੇ ਲੀਡਰਸ਼ਿਪ ਬਦਲਣ ਬਾਰੇ ਵਿਚਾਰ ਕੀਤਾ ਹੈ।
ਇਸ ਦੌਰਾਨ ਵਿਜੇ ਇੰਦਰ ਸਿੰਗਲਾ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਕਈ ਨਾਮ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਲਈ ਚਰਚਾ ਵਿੱਚ ਹਨ। ਅਧਿਕਾਰਤ ਤੌਰ ’ਤੇ ਨਵੇਂ ਪ੍ਰਧਾਨ ਦੇ ਨਾਮ ਦਾ ਐਲਾਨ ਅਜੇ ਬਾਕੀ ਹੈ ਅਤੇ ਵੜਿੰਗ ਦੀ ਦਿੱਲੀ ਮੁਲਾਕਾਤ ਤੋਂ ਬਾਅਦ ਸਥਿਤੀ ਹੋਰ ਸਪੱਸ਼ਟ ਹੋਣ ਦੀ ਸੰਭਾਵਨਾ ਹੈ।


