7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਨਾਲ ਵਿਚਾਰ-ਵਟਾਂਦਰਾ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ 7 ਮੈਂਬਰੀ ਤਾਲਮੇਲ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਇਹ ਕਮੇਟੀ ਐਕਟ ਨਾਲ ਸਬੰਧਤ ਮਾਮਲਿਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਅਤੇ ਵਿਚਾਰ-ਵਟਾਂਦਰੇ ਲਈ ਬਣਾਈ ਹੈ।
ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸਾਬਕਾ IPS ਅਧਿਕਾਰੀ ਤੇ ਸਾਬਕਾ PPSC ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪੌਲ ਸਿੰਘ ਸ਼ਾਮਲ ਹਨ। ਕਮੇਟੀ ਦਾ ਗਠਨ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ 16 ਸਤੰਬਰ ਨੂੰ ਕੀਤਾ ਗਿਆ ਸੀ।
ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਕਟ ਦੀਆਂ ਕੁਝ ਧਾਰਾਵਾਂ ’ਤੇ ਉਠਾਏ ਗਏ ਇਤਰਾਜ਼ਾਂ ਤੋਂ ਬਾਅਦ ਹੋਈ ਹੈ। ਸਰਕਾਰ ਵੱਲੋਂ ਬਣਾਈ ਕਮੇਟੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਲਗਾਤਾਰ ਸਲਾਹ-ਮਸ਼ਵਰਾ ਕਰੇਗੀ ਅਤੇ ਐਕਟ ਨਾਲ ਸਬੰਧਤ ਸੁਝਾਅ ਤੇ ਰਿਪੋਰਟ ਸਰਕਾਰ ਨੂੰ ਸੌਂਪੇਗੀ। 1 ਅਕਤੂਬਰ ਨੂੰ ਸਰਕਾਰ ਨੇ ਇਸ ਕਮੇਟੀ ਦੇ ਗਠਨ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਰਸਮੀ ਤੌਰ ’ਤੇ ਜਾਣਕਾਰੀ ਦਿੱਤੀ ਹੈ।


