36,87,677 ਮਹਿਲਾਵਾਂ ਨੂੰ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ ਦਾ ਸਿੱਧਾ ਭੁਗਤਾਨ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ 36,87,677 ਔਰਤਾਂ ਦੇ ਬੈਂਕ ਖਾਤਿਆਂ ਵਿੱਚ ਦੂਜੀ ਕਿਸ਼ਤ ਵਜੋਂ 1,260 ਕਰੋੜ ਰੁਪਏ ਟਰਾਂਸਫਰ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਇਸ ਰਕਮ ਦੇ ਟਰਾਂਸਫਰ ਦੀ ਸ਼ੁਰੂਆਤ ਕਰਨਗੇ।
ਇਸ ਕਿਸ਼ਤ ਵਿੱਚ ਆਮ ਸ਼੍ਰੇਣੀ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਿਆਂ ਲਈ 3,000 ਰੁਪਏ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ 4,500 ਰੁਪਏ ਮਿਲਣਗੇ। ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਇਸ ਭੁਗਤਾਨ ਤੋਂ ਬਾਅਦ ਯੋਜਨਾ ਤਹਿਤ ਹੁਣ ਤੱਕ ਕੁੱਲ 73.99 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ 2,562 ਕਰੋੜ ਰੁਪਏ ਪਹੁੰਚਾਏ ਜਾਣਗੇ। ਯੋਜਨਾ ਤਹਿਤ ਆਮ ਵਰਗ ਦੀਆਂ ਮਹਿਲਾਵਾਂ ਲਈ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ 1,500 ਰੁਪਏ ਪ੍ਰਤੀ ਮਹੀਨਾ ਸਹਾਇਤਾ ਨਿਰਧਾਰਤ ਕੀਤੀ ਗਈ ਹੈ।


