ਰਾਹੁਲ ਗਾਂਧੀ ਤੇ ਖੜਗੇ ਨਾਲ ਮੁਲਾਕਾਤਾਂ ਦਾ ਦੌਰ, ਨਵੇਂ ਪੰਜਾਬ ਕਾਂਗਰਸ ਪ੍ਰਧਾਨ ’ਤੇ ਫੈਸਲਾ ਜਲਦ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਹੁਣ ਨਵੇਂ ਸੂਬਾ ਪ੍ਰਧਾਨ ਦੀ ਚੋਣ ਨੂੰ ਲੈ ਕੇ ਦਿੱਲੀ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਹਾਈਕਮਾਂਡ ਵੱਲੋਂ ਅਗਲੇ 24 ਤੋਂ 48 ਘੰਟਿਆਂ ਵਿੱਚ ਨਵੇਂ ਪ੍ਰਧਾਨ ਦੇ ਨਾਮ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਹਾਈਕਮਾਂਡ ਨਾਲ ਮੁਲਾਕਾਤਾਂ ਕਰ ਰਹੇ ਹਨ। ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪੰਜਾਬ ਦੇ ਵੱਖ-ਵੱਖ ਧੜਿਆਂ ਦੇ ਆਗੂਆਂ ਨਾਲ ਗੱਲਬਾਤ ਕਰਕੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਵੇਂ ਪ੍ਰਧਾਨ ਲਈ ਵਿਜੈ ਇੰਦਰ ਸਿੰਗਲਾ, ਪਰਗਟ ਸਿੰਘ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਕਈ ਨਾਮ ਚਰਚਾ ਵਿੱਚ ਹਨ।
ਇਸ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵੇਂ ਪ੍ਰਧਾਨ ਦੀ ਚੋਣ ਵਿੱਚ ਪਾਰਟੀ ਅੰਦਰਲੇ ਵੱਖ-ਵੱਖ ਧੜਿਆਂ ਨੂੰ ਇਕੱਠਾ ਰੱਖਣ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਫਿਲਹਾਲ ਹਾਈਕਮਾਂਡ ਵੱਲੋਂ ਕਿਸੇ ਇੱਕ ਨਾਮ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।


