ਮੁੱਖ ਮੰਤਰੀ ਚੰਨੀ ਦੇ ਪੁੱਤਰ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਪੋਸਟ ‘ਗੁੱਡਾ-ਗੁੱਡੀ ਔਹ ਜਾਂਦੇ..
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਪਰਗਟ ਸਿੰਘ ਦੇ ਨਾਂ ਦੇ ਐਲਾਨ ਮਗਰੋਂ ਵੀ ਪਾਰਟੀ ਵਿਚਲਾ ਸਿਆਸੀ ਧੂੰਆਂ ਹਾਲੇ ਪੂਰੀ ਤਰ੍ਹਾਂ ਸ਼ਾਂਤ ਨਹੀਂ ਹੋਇਆ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਰਮਿਆਨ ਚੰਗਿਆੜੀ ਸੁਲਘ ਰਹੀ ਹੈ। ਸਾਬਕਾ ਪ੍ਰਧਾਨ ਵੜਿੰਗ ਨੇ ਆਪਣੇ ਅਸਤੀਫ਼ੇ ਮਗਰੋਂ ਕਿਹਾ ਸੀ ਕਿ ਜਿੱਤ ਚੰਨੀ ਦੀ ਹੋਈ ਹੈ। ਅੱਜ ਸਾਬਕਾ ਮੁੱਖ ਮੰਤਰੀ ਚੰਨੀ ਦੇ ਪੁੱਤਰ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਪੋਸਟ ‘ਗੁੱਡਾ-ਗੁੱਡੀ ਔਹ ਜਾਂਦੇ..’ ਨੇ ਧੂੰਏਂ ਦੇ ਹਾਲੇ ਹੋਰ ਧੁਖਣ ਦੇ ਸੰਕੇਤ ਦਿੱਤੇ ਹਨ।
ਦੱਸਣਯੋਗ ਹੈ ਕਿ ਚਰਨਜੀਤ ਚੰਨੀ ਤੇ ਵੜਿੰਗ ਧੜੇ ’ਚ ਪਿਛਲੇ ਕਈ ਮਹੀਨੇ ਚੱਲੇ ਟਕਰਾਅ ਵਿਚਾਲੇ ਪੰਜਾਬ ਕਾਂਗਰਸ ਦੇ ਤਤਕਾਲੀ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਸੀ ਕਿ ਪ੍ਰਧਾਨਗੀ ਨੂੰ ਬਦਲਣਾ ਕੋਈ ਗੁੱਡਾ-ਗੁੱਡੀ ਦਾ ਖੇਡ ਨਹੀਂ। ਬਾਅਦ ’ਚ ਕਾਂਗਰਸ ਨੇ ਪੰਜਾਬ ਇੰਚਾਰਜ ਬਘੇਲ ਨੂੰ ਹੀ ਬਦਲ ਦਿੱਤਾ ਅਤੇ ਬਾਅਦ ’ਚ ਰਾਜਾ ਵੜਿੰਗ ਦੀ ਛੁੱਟੀ ਕਰ ਦਿੱਤੀ। ਰਾਜਾ ਵੜਿੰਗ ਨੇ ਖ਼ੁਦ ਇੱਕ ਗੱਲਬਾਤ ’ਚ ਕਿਹਾ ਸੀ ਕਿ ਹੁਣ ਨਾ ਗੁੱਡਾ ਰਿਹਾ ਹੈ ਤੇ ਨਾ ਹੀ ਗੁੱਡੀ।
ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂਆਂ ਤੋਂ ਦਿੱਲੀ ’ਚ ਆਸ਼ੀਰਵਾਦ ਲਿਆ। ਉਨ੍ਹਾਂ ਅੱਜ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰ ਕੇ ਸੰਕੇਤਕ ਤੌਰ ’ਤੇ ਸਭ ਨੂੰ ਨਾਲ ਲੈ ਕੇ ਅੱਗੇ ਵਧਣ ਦਾ ਸੁਨੇਹਾ ਦਿੱਤਾ ਹੈ। ਦੂਸਰੀ ਤਰਫ਼ ਪੁਰਾਣੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਪੁਰਾਣੇ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਉਂਨਵੇਂ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ। ਨਵੇਂ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਲਈ ਡਾ. ਮਨਮੋਹਨ ਸਿੰਘ ਦੀ ਸਾਦਗੀ, ਸਮਰਪਣ ਅਤੇ ਇਮਾਨਦਾਰੀ ਹਮੇਸ਼ਾ ਪ੍ਰੇਰਨਾ ਸਰੋਤ ਰਹੀ ਹੈ। ਪਰਗਟ ਸਿੰਘ ਨੇ ਅੱਜ ਪਾਰਟੀ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਤੇ ਕੇ ਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ।


