ਕਿਸਾਨ ਆਗੂ ਨੇ ਮਹਿੰਗਾਈ ਤੇ ਖੇਤੀ ਲਾਗਤਾਂ ਵਧਣ ਦਾ ਮੁੱਦਾ ਚੁੱਕਿਆ
ਬਠਿੰਡਾ: ਆਪਣਾ ਪੰਜਾਬ ਮੀਡੀਆ : ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਮਾਮੂਲੀ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਨਾਲ ‘ਕੋਝਾ ਮਜ਼ਾਕ’ ਕਰਾਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੇ ਭਾਅ ਵਿੱਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਇੱਕ ਫ਼ੀਸਦੀ ਤੋਂ ਵੀ ਘੱਟ ਬਣਦਾ ਹੈ, ਜਦਕਿ ਖੇਤੀ ਲਾਗਤਾਂ ਅਤੇ ਰੋਜ਼ਮਰ੍ਹਾ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਹੋਰ ਖੇਤੀ ਸਾਮਾਨ ਤੋਂ ਇਲਾਵਾ ਘਰੇਲੂ ਵਰਤੋਂ ਦੀਆਂ ਵਸਤਾਂ ਮਹਿੰਗੀਆਂ ਹੋਣ ਕਾਰਨ ਕਿਸਾਨ, ਮਜ਼ਦੂਰ ਅਤੇ ਹੋਰ ਗਰੀਬ ਤਬਕੇ ਆਰਥਿਕ ਤੰਗੀ ਅਤੇ ਕਰਜ਼ੇ ਦੀ ਮਾਰ ਝੱਲ ਰਹੇ ਹਨ। ਅਜਿਹੇ ਹਾਲਾਤ ਵਿੱਚ ਕਣਕ ਦੇ ਭਾਅ ਵਿੱਚ ਕੀਤਾ ਇਹ ਨਿਗੂਣਾ ਵਾਧਾ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਕਰੇਗਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਨੂੰ ਖੇਤੀ ਵਿੱਚੋਂ ਬਾਹਰ ਕਰਨ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਅਮਰੀਕੀ ਅਨਾਜ ਲਈ ਭਾਰਤੀ ਮੰਡੀਆਂ ਖੋਲ੍ਹਣ ਵੱਲ ਸੇਧਤ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਮੰਡੀਆਂ ਅਤੇ ਜਨਤਕ ਖ਼ਰੀਦ ਪ੍ਰਬੰਧ ਨੂੰ ਵੀ ਖ਼ਤਰਾ ਪੈਦਾ ਹੋਵੇਗਾ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੰਜਾਬ ਦੌਰਿਆਂ ਦੌਰਾਨ ਪੰਜਾਬ ਅਤੇ ਕਿਸਾਨਾਂ ਲਈ ਕੋਈ ਆਰਥਿਕ ਪੈਕੇਜ ਨਾ ਦੇਣ ਦੀ ਵੀ ਨਿਖੇਧੀ ਕੀਤੀ।


