ਮਨਪ੍ਰੀਤ ਸਿੰਘ ਇਆਲੀ ਤੇ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਦਾ ਮੁੱਦਾ ਚੁੱਕਿਆ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਿਆ। ਵਫ਼ਦ ਵਿੱਚ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਪਾਰਲੀਮੈਂਟ ਬੋਰਡ ਦੇ ਕਨਵੀਨਰ ਕਾਬਲ ਸਿੰਘ ਸ਼ਾਮਲ ਸਨ। ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਪਾਰਟੀ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਅਲਾਟ ਕਰਨ ਦੀ ਮੰਗ ਰੱਖੀ।
ਮਨਪ੍ਰੀਤ ਸਿੰਘ ਇਆਲੀ ਨੇ ਦੋਸ਼ ਲਾਇਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜਾਣਬੁੱਝ ਕੇ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਮੁਤਾਬਕ ਪਾਰਟੀ ਨਾਲ ਜੁੜੇ ਦੋ ਸੰਸਦ ਮੈਂਬਰ ਅਤੇ ਇੱਕ ਵਿਧਾਇਕ ਚੁਣੇ ਜਾ ਚੁੱਕੇ ਹਨ, ਇਸ ਦੇ ਬਾਵਜੂਦ ਰਜਿਸਟ੍ਰੇਸ਼ਨ ਦਾ ਮਾਮਲਾ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ। ਦਿੱਲੀ ਹਾਈ ਕੋਰਟ ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਅਦਾਲਤ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਸੀ।
ਵਫ਼ਦ ਨੇ ਪੰਜਾਬ ਦੀਆਂ ਸਰਕਾਰੀ ਰਿਹਾਇਸ਼ਾਂ ’ਤੇ ਕਥਿਤ ਸਿਆਸੀ ਕਬਜ਼ੇ ਦਾ ਮਾਮਲਾ ਵੀ ਰਾਜਪਾਲ ਦੇ ਧਿਆਨ ਵਿੱਚ ਲਿਆਂਦਾ ਅਤੇ ਇਸ ਦੀ ਜਾਂਚ ਦੀ ਮੰਗ ਕੀਤੀ। ਦੂਜੇ ਪਾਸੇ, ‘ਵਾਰਿਸ ਪੰਜਾਬ ਦੇ’ ਨੇ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਨਾਲ ਸੰਪਰਕ ਵਧਾਉਣ ਲਈ ਤਿੰਨ ਮੈਂਬਰੀ ਤਾਲਮੇਲ ਕਮੇਟੀ ਵੀ ਬਣਾਈ ਹੈ। ਪਾਰਟੀ ਦੀ ਰਜਿਸਟ੍ਰੇਸ਼ਨ ਦਾ ਮਾਮਲਾ ਅਜੇ ਚੋਣ ਕਮਿਸ਼ਨ ਕੋਲ ਵਿਚਾਰ ਅਧੀਨ ਹੈ।


