ਗੁਜਰਾਤ ਦੇ ਮੁੱਖ ਮੰਤਰੀ ਵਜੋਂ 7 ਅਕਤੂਬਰ 2001 ਨੂੰ ਸ਼ੁਰੂ ਹੋਇਆ ਸਫ਼ਰ, 2014 ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਜਾਰੀ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਕਾਰ ਦੇ ਮੁਖੀ ਵਜੋਂ ਲਗਾਤਾਰ 25 ਸਾਲ ਪੂਰੇ ਕਰ ਲਏ ਹਨ। 7 ਅਕਤੂਬਰ 2001 ਨੂੰ ਉਨ੍ਹਾਂ ਨੇ ਪਹਿਲੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਗੁਜਰਾਤ ਵਿੱਚ 12 ਸਾਲ ਤੋਂ ਵੱਧ ਸਮਾਂ ਮੁੱਖ ਮੰਤਰੀ ਰਹਿਣ ਤੋਂ ਬਾਅਦ ਉਹ 2014 ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਅਤੇ ਇਸ ਤੋਂ ਬਾਅਦ 2019 ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਪ੍ਰਧਾਨ ਮੰਤਰੀ ਵਜੋਂ ਸੱਤਾ ਵਿੱਚ ਵਾਪਸੀ ਕੀਤੀ।
ਇਸ ਮੌਕੇ ਕੇਂਦਰੀ ਮੰਤਰੀ ਮੰਡਲ ਨੇ 6 ਅਕਤੂਬਰ ਨੂੰ ਇੱਕ ਮਤਾ ਪਾਸ ਕਰਕੇ ਮੋਦੀ ਨੂੰ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਕਰਨ ’ਤੇ ਵਧਾਈ ਦਿੱਤੀ। ਮਤੇ ਵਿੱਚ ਉਨ੍ਹਾਂ ਦੇ ਗੁਜਰਾਤ ਅਤੇ ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਸ਼ਾਸਨ, ਭਲਾਈ ਯੋਜਨਾਵਾਂ, ਬੁਨਿਆਦੀ ਢਾਂਚੇ, ਡਿਜੀਟਲ ਤਕਨਾਲੋਜੀ, ਰੱਖਿਆ ਅਤੇ ਵਿਦੇਸ਼ ਨੀਤੀ ਨਾਲ ਜੁੜੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕੀਤਾ ਗਿਆ।
25 ਸਾਲ ਪੂਰੇ ਹੋਣ ’ਤੇ ਮੋਦੀ ਨੇ ਦੇਸ਼ ਦੇ ਲੋਕਾਂ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦਾ ਧੰਨਵਾਦ ਕੀਤਾ। ਅੱਜ ਉਨ੍ਹਾਂ ਨੇ ਦਿੱਲੀ ਦੇ ਸ਼੍ਰੀ ਵਿਨਾਇਕ ਮੰਦਰ ਵਿੱਚ ਵੀ ਮੱਥਾ ਟੇਕਿਆ ਅਤੇ ਦੇਸ਼ ਵਾਸੀਆਂ ਦੀ ਖੁਸ਼ਹਾਲੀ, ਚੰਗੀ ਸਿਹਤ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਭਾਜਪਾ ਅਤੇ ਐਨਡੀਏ ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।


