ਸੁਪਰੀਮ ਕੋਰਟ ’ਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ’ਤੇ ਹੋਵੇਗੀ ਸੁਣਵਾਈ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ 28 ਅਕਤੂਬਰ ਨੂੰ ਸੁਣਵਾਈ ਕਰੇਗੀ। ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਬੈਂਚ ਨੇ ਮਾਮਲੇ ਨੂੰ 28 ਅਕਤੂਬਰ ਦੀ ਸੂਚੀ ਵਿੱਚ ਸਭ ਤੋਂ ਉੱਪਰ ਰੱਖਣ ਦੇ ਹੁਕਮ ਦਿੱਤੇ ਹਨ।
ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਰਾਸ਼ਟਰਪਤੀ ਕੋਲ 2012 ਤੋਂ ਲੰਬਿਤ ਰਹਿਮ ਦੀ ਅਪੀਲ ’ਤੇ ਫ਼ੈਸਲਾ ਕਰਨ ਵਿੱਚ ਹੋਈ ਦੇਰੀ ਦੇ ਆਧਾਰ ’ਤੇ ਸਜ਼ਾ ਘਟਾਈ ਜਾਣੀ ਚਾਹੀਦੀ ਹੈ। 23 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੇ ਵਕੀਲ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਤੱਕ ਹੀ ਪਟੀਸ਼ਨ ਨੂੰ ਸੀਮਤ ਰੱਖਣ ਦੀ ਗੱਲ ਕਹੀ ਸੀ।
ਕੇਂਦਰ ਸਰਕਾਰ ਨੇ ਇਸ ਮੰਗ ਦਾ ਵਿਰੋਧ ਕੀਤਾ ਹੈ। 8 ਅਕਤੂਬਰ ਦੀ ਸੁਣਵਾਈ ਦੌਰਾਨ ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸੌਲਿਸਟਰ ਜਨਰਲ ਕੇ.ਐੱਮ. ਨਟਰਾਜ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸਜ਼ਾ ਨੂੰ ਬਦਲਣ ਦਾ ਫ਼ੈਸਲਾ ਕਰਨਾ ਉਚਿਤ ਨਹੀਂ ਹੋਵੇਗਾ। ਰਾਜੋਆਣਾ ਨੂੰ 1995 ਵਿੱਚ ਹੋਏ ਬੇਅੰਤ ਸਿੰਘ ਕਤਲ ਮਾਮਲੇ ਵਿੱਚ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2010 ਵਿੱਚ ਬਰਕਰਾਰ ਰੱਖਿਆ ਸੀ।


