ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਨੂੰ ਮੰਨਿਆ ਵੱਡੀ ਗਲਤੀ; ਕਿਹਾ—ਅਕਾਲ ਤਖ਼ਤ ਸਾਹਿਬ ਵੱਲੋਂ ਲਿਆ ਹਰ ਫ਼ੈਸਲਾ ਹੋਵੇਗਾ ਪ੍ਰਵਾਨ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਪੁੜੈਣ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹਾਲ ਹੀ ਵਿੱਚ ਹੋਈ ਮੁਲਾਕਾਤ ਸਬੰਧੀ ਆਪਣਾ ਸਪਸ਼ਟੀਕਰਨ ਅਤੇ ਖਿਮਾ ਯਾਚਨਾ ਪੱਤਰ ਸੌਂਪਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਤਹਿਤ ਉਨ੍ਹਾਂ ਨੂੰ 10 ਦਿਨਾਂ ਦੇ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ। ਪੁੜੈਣ ਨੇ ਜਥੇਦਾਰ ਨੂੰ ਦਿੱਤੇ ਸਪਸ਼ਟੀਕਰਨ ਵਿੱਚ ਮੰਨਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਾ ਉਨ੍ਹਾਂ ਦੀ ਵੱਡੀ ਗਲਤੀ ਸੀ ਅਤੇ ਉਨ੍ਹਾਂ ਨੂੰ ਇਸ ਦਾ ਅਹਿਸਾਸ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਮੁਲਾਕਾਤ ਪਿੱਛੇ ਕੋਈ ਗਲਤ ਭਾਵਨਾ ਨਹੀਂ ਸੀ ਅਤੇ ਉਨ੍ਹਾਂ ਦਾ ਮਕਸਦ ਪੰਥ ਦੇ ਹਿੱਤ ਵਿੱਚ ਗੱਲ ਕਰਨਾ ਸੀ। ਉਨ੍ਹਾਂ ਇਸ ਭੁੱਲ ਲਈ ਖਿਮਾ ਯਾਚਨਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਹ ਉਸ ਨੂੰ ਪ੍ਰਵਾਨ ਕਰਨਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਪੁੜੈਣ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਅਤੇ ਕੀਤੀ ਗਈ ਖਿਮਾ ਯਾਚਨਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰੀ ਜਾਵੇਗੀ। ਇਸ ਤੋਂ ਬਾਅਦ ਸਿੰਘ ਸਾਹਿਬਾਨ ਵੱਲੋਂ ਅਗਲਾ ਫ਼ੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੁੜੈਣ ’ਤੇ ਫਿਲਹਾਲ ਸ਼੍ਰੋਮਣੀ ਕਮੇਟੀ ਦੀਆਂ ਇਕੱਤਰਤਾਵਾਂ ਵਿੱਚ ਸ਼ਾਮਲ ਹੋਣ ’ਤੇ ਰੋਕ ਲਗਾਈ ਗਈ ਹੈ।


