ਇਨਸਾਫ਼ ਮਿਲਣ ਤੱਕ ਸਸਕਾਰ ਨਾ ਕਰਨ ’ਤੇ ਅੜੇ ਪਰਿਵਾਰਕ ਮੈਂਬਰ ਤੇ ਸਮਰਥਕ; 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ, ਸੀਬੀਆਈ ਜਾਂਚ ਦੀ ਮੰਗ
ਮਾਨਸਾ : ਆਪਣਾ ਪੰਜਾਬ ਮੀਡੀਆ : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਮਾਨਸਾ ਦੇ ਸਿਵਲ ਹਸਪਤਾਲ ਦੇ ਬਾਹਰ ਪੱਕਾ ਧਰਨਾ ਜਾਰੀ ਹੈ। ਪਰਿਵਾਰਕ ਮੈਂਬਰਾਂ, ਸਮਰਥਕਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਉਠਾਈ ਹੈ। ਐਕਸ਼ਨ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ। ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਮਾਨਸਾ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ ਅਤੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟੇ ਦੀ 13 ਅਕਤੂਬਰ ਨੂੰ ਮਾਨਸਾ ਦੇ ਇੱਕ ਮੈਡੀਕਲ ਸਟੋਰ ’ਤੇ ਹੋਈ ਗੋਲੀਬਾਰੀ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਪੁਲਿਸ ਨੇ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਦੇ ਬਾਵਜੂਦ ਪਰਿਵਾਰ ਅਤੇ ਸਮਰਥਕਾਂ ਵੱਲੋਂ ਨਿਰਪੱਖ ਜਾਂਚ ਅਤੇ ਹੋਰ ਮੰਗਾਂ ਨੂੰ ਲੈ ਕੇ ਧਰਨਾ ਜਾਰੀ ਰੱਖਿਆ ਗਿਆ ਹੈ।


