ਸਾਰੇ ਜ਼ਿਲ੍ਹਿਆਂ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਵੇਗੀ ਬੈਠਕ; ਕਾਨੂੰਨ-ਵਿਵਸਥਾ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦੀ ਹੋਵੇਗੀ ਸਮੀਖਿਆ।
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮਾਨਸਾ ਵਿੱਚ ਹੱਤਿਆ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਕਾਨੂੰਨ-ਵਿਵਸਥਾ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਸੱਦੀ ਹੈ। ਰਿਪੋਰਟਾਂ ਮੁਤਾਬਕ, ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (SSPs), ਉਪ ਮੰਡਲ ਮੈਜਿਸਟ੍ਰੇਟਾਂ (SDMs) ਅਤੇ ਡੀਐੱਸਪੀਜ਼ ਨਾਲ ਵੀ ਬੈਠਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਅਪਰਾਧਾਂ ’ਤੇ ਕਾਬੂ ਪਾਉਣ ਅਤੇ ਗੰਭੀਰ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਯਕੀਨੀ ਬਣਾਉਣ ਬਾਰੇ ਵਿਚਾਰ ਕੀਤਾ ਜਾਵੇਗਾ।
ਇਸ ਦੇ ਨਾਲ ਹੀ 16 ਅਕਤੂਬਰ ਨੂੰ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿੱਚ ਨਸ਼ਾ ਵਿਰੋਧੀ ਮੁਹਿੰਮ ਅਤੇ ਕਾਨੂੰਨ-ਵਿਵਸਥਾ ਦੀ ਸਮੀਖਿਆ ਲਈ ਵੱਖਰੀ ਮੀਟਿੰਗ ਵੀ ਨਿਰਧਾਰਤ ਕੀਤੀ ਗਈ ਹੈ। ਇਸ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ, ਪ੍ਰਸ਼ਾਸਨਿਕ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਵਿੱਚ 60 ਦਿਨਾਂ ਦੀ ਨਸ਼ਾ ਪ੍ਰਭਾਵਿਤ ਇਲਾਕਿਆਂ ਸਬੰਧੀ ਮੁਹਿੰਮ, ਪਿੰਡਾਂ ਤੇ ਵਾਰਡਾਂ ਦੀਆਂ ਰੱਖਿਆ ਕਮੇਟੀਆਂ ਦੀ ਕਾਰਗੁਜ਼ਾਰੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਦੀ ਸਮੀਖਿਆ ਕੀਤੀ ਜਾਵੇਗੀ।
ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਤੋਂ ਬਾਅਦ ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਬਾਰੇ ਸਿਆਸੀ ਆਗੂਆਂ ਅਤੇ ਆਮ ਲੋਕਾਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਕਿਹਾ ਹੈ। ਹੁਣ ਇਨ੍ਹਾਂ ਮੀਟਿੰਗਾਂ ਵਿੱਚ ਹੋਣ ਵਾਲੇ ਫ਼ੈਸਲਿਆਂ ਅਤੇ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਅਗਲੇ ਕਦਮਾਂ ’ਤੇ ਨਜ਼ਰ ਰਹੇਗੀ।


