ਪਰਵਿੰਦਰ ਝੋਟਾ ਕਤਲਕਾਂਡ ਮਗਰੋਂ ਕਾਨੂੰਨ-ਵਿਵਸਥਾ ਤੇ ਨਸ਼ਾ ਵਿਰੋਧੀ ਮੁਹਿੰਮ ਦੀ ਹੋਵੇਗੀ ਸਮੀਖਿਆ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ 16 ਅਕਤੂਬਰ ਨੂੰ ਫਿਲੌਰ ਵਿਖੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਪੁਲਿਸ ਅਕੈਡਮੀ ਵਿੱਚ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (DC), ਸੀਨੀਅਰ ਪੁਲਿਸ ਕਪਤਾਨ (SSP), ਡੀਐੱਸਪੀ (DSP) ਅਤੇ ਐੱਸਡੀਐੱਮ (SDM) ਸਮੇਤ ਸੀਨੀਅਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਸ਼ਾਮਲ ਹੋਣਗੇ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ 60 ਦਿਨਾਂ ਦੀ ਹੌਟਸਪੌਟ ਮੁਹਿੰਮ, ਨਸ਼ਾ ਪ੍ਰਭਾਵਿਤ ਇਲਾਕਿਆਂ ਲਈ ਤਿਆਰ ਕੀਤੀਆਂ ਯੋਜਨਾਵਾਂ, ਪਿੰਡਾਂ ਅਤੇ ਵਾਰਡਾਂ ਦੀਆਂ ਰੱਖਿਆ ਕਮੇਟੀਆਂ ਦੀ ਕਾਰਗੁਜ਼ਾਰੀ ਅਤੇ ਈ-ਰਿਕਸ਼ਾ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਤਾਜ਼ਾ ਅੰਕੜਿਆਂ, ਕਾਰਵਾਈ ਦੀ ਰਿਪੋਰਟ, ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਬਾਰੇ ਜਾਣਕਾਰੀ ਪੇਸ਼ ਕਰਨ ਲਈ ਕਿਹਾ ਗਿਆ ਹੈ। ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਵਧਾਉਣ ’ਤੇ ਵੀ ਜ਼ੋਰ ਦਿੱਤਾ ਜਾਵੇਗਾ।
ਇਹ ਮੀਟਿੰਗ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਕਾਨੂੰਨ-ਵਿਵਸਥਾ ਨੂੰ ਲੈ ਕੇ ਉੱਠ ਰਹੇ ਸਵਾਲਾਂ ਦੇ ਮੱਦੇਨਜ਼ਰ ਅਹਿਮ ਮੰਨੀ ਜਾ ਰਹੀ ਹੈ। ਮੁੱਖ ਮੰਤਰੀ ਨੇ ਪੁਲਿਸ ਨੂੰ ਕਤਲ ਦੇ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਵਿੱਚ ਨਸ਼ਾ ਰੋਕਥਾਮ, ਜਾਗਰੂਕਤਾ, ਮੁੜ ਵਸੇਬੇ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਸਬੰਧਤ ਉਪਰਾਲਿਆਂ ਦੀ ਪ੍ਰਗਤੀ ਵੀ ਵਿਚਾਰੀ ਜਾਵੇਗੀ।


