‘ਆਪ’ ਦੇ 12 ਵਿਧਾਇਕਾਂ ਅਤੇ ਤਿੰਨ ਹੋਰ ਆਗੂਆਂ ਨੂੰ ਹੁਣ 16 ਅਕਤੂਬਰ ਨੂੰ ਸੱਦਿਆ; ਘੋਖ ਕਮੇਟੀ ਦੀ ਮੀਟਿੰਗ ਵੀ ਮੁਲਤਵੀ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੀ ਪੇਸ਼ੀ ਦੀ ਤਾਰੀਖ਼ ਬਦਲ ਦਿੱਤੀ ਗਈ ਹੈ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪਹਿਲਾਂ ਇਨ੍ਹਾਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ।
ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਅਨੁਸਾਰ, ਹੁਣ ਸਬੰਧਤ 12 ਵਿਧਾਇਕਾਂ ਅਤੇ ਤਿੰਨ ਹੋਰ ਆਗੂਆਂ ਨੂੰ 16 ਅਕਤੂਬਰ ਸਵੇਰੇ 11 ਵਜੇ ਪੇਸ਼ ਹੋਣ ਲਈ ਨਵੇਂ ਪੱਤਰ ਜਾਰੀ ਕੀਤੇ ਗਏ ਹਨ। ਇਹ ਮਾਮਲਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਹੈ। ਜਥੇਦਾਰ ਵੱਲੋਂ ਸਬੰਧਤ ਆਗੂਆਂ ਨੂੰ ਮਾਮਲੇ ਬਾਰੇ ਆਪਣਾ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਸੀ।
ਇਸ ਤੋਂ ਇਲਾਵਾ, 15 ਅਕਤੂਬਰ ਨੂੰ ਸਕੱਤਰੇਤ ਵਿਖੇ ਹੋਣ ਵਾਲੀ ਘੋਖ ਕਮੇਟੀ ਦੀ ਮੀਟਿੰਗ ਵੀ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਫ਼ਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮੀਟਿੰਗ ਵਿੱਚ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਧਿਰਾਂ ਨੂੰ ਬੁਲਾਇਆ ਗਿਆ ਸੀ। ਸਕੱਤਰੇਤ ਵੱਲੋਂ ਦੱਸਿਆ ਗਿਆ ਹੈ ਕਿ ਮੀਟਿੰਗ ਦੀ ਅਗਲੀ ਤਾਰੀਖ਼ ਬਾਰੇ ਸਬੰਧਤ ਧਿਰਾਂ ਨੂੰ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।


