ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦਾ ਸੱਦਾ; CBI ਜਾਂਚ ਅਤੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ, ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਰਥਨ
ਮਾਨਸਾ : ਆਪਣਾ ਪੰਜਾਬ ਮੀਡੀਆ : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ, 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਝੋਟਾ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ ਦਿੱਤੇ ਇਸ ਸੱਦੇ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ, ਸਮਾਜਿਕ ਸੰਗਠਨਾਂ ਅਤੇ ਵਿਰੋਧੀ ਪਾਰਟੀਆਂ ਨੇ ਸਮਰਥਨ ਦਿੱਤਾ ਹੈ। ਬੰਦ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਕਤਲ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਕਰਵਾਉਣ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਹੈ।
ਮਾਨਸਾ ਵਿੱਚ ਝੋਟਾ ਦੇ ਕਤਲ ਤੋਂ ਬਾਅਦ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਟਿੰਕੋਨੀ ਚੌਕ ਅਤੇ ਸਿਵਲ ਹਸਪਤਾਲ ਦੇ ਬਾਹਰ ਧਰਨੇ ਲਾਏ ਗਏ ਹਨ। ਇਸ ਦੌਰਾਨ ਧਰਨੇ ਵਾਲੀ ਥਾਂ ’ਤੇ ਪਾਣੀ ਭਰਨ ਕਾਰਨ ਪ੍ਰਦਰਸ਼ਨਕਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਵੱਲੋਂ ਮਾਨਸਾ ਅਤੇ ਨੇੜਲੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਅਤੇ ਕਈ ਰਸਤਿਆਂ ’ਤੇ ਬੈਰੀਕੇਡ ਲਗਾਏ ਗਏ ਹਨ। ਝੋਟਾ ਦੇ ਪਿਤਾ ਭੀਮ ਸਿੰਘ ਨੇ ਇਨਸਾਫ਼ ਮਿਲਣ ਤੱਕ ਆਪਣੇ ਪੁੱਤਰ ਦਾ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ।
ਬੰਦ ਦੇ ਸੱਦੇ ਦੇ ਮੱਦੇਨਜ਼ਰ ਸੂਬੇ ਦੇ ਕਈ ਸ਼ਹਿਰਾਂ ਵਿੱਚ ਬਾਜ਼ਾਰਾਂ, ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਦੇ ਬੰਦ ਰਹਿਣ ਦੀ ਸੰਭਾਵਨਾ ਹੈ। ਵੱਖ-ਵੱਖ ਜਥੇਬੰਦੀਆਂ ਨੇ ਲੋਕਾਂ ਨੂੰ ਬੰਦ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਲੋਕਾਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਸਥਾਨਕ ਹਾਲਾਤ ਦੀ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਗਈ ਹੈ। ਹਸਪਤਾਲਾਂ ਅਤੇ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਨੂੰ ਚਾਲੂ ਰੱਖਣ ਦੀ ਉਮੀਦ ਹੈ, ਹਾਲਾਂਕਿ ਇਲਾਕੇ ਅਨੁਸਾਰ ਆਵਾਜਾਈ ਅਤੇ ਕਾਰੋਬਾਰ ਪ੍ਰਭਾਵਿਤ ਹੋ ਸਕਦੇ ਹਨ।


