ਨਸ਼ਾ ਵਿਰੋਧੀ ਕਾਰਕੁਨ ਦੀ ਯਾਦ ਵਿੱਚ ਲਾਇਆ ਬੈਨਰ, ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਰੱਖਣ ਦਾ ਦਿੱਤਾ ਸੁਨੇਹਾ
ਮਾਨਸਾ : ਆਪਣਾ ਪੰਜਾਬ ਮੀਡੀਆ : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਮਾਨਸਾ ਵਿੱਚ ਇੱਕ ਹੋਰ ਘਟਨਾ ਚਰਚਾ ਵਿੱਚ ਆ ਗਈ ਹੈ। ਕਤਲ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੀ ਮੈਡੀਕਲ ਦੁਕਾਨ ਢਾਹੇ ਜਾਣ ਤੋਂ ਬਾਅਦ ਉੱਥੇ ਪਰਵਿੰਦਰ ਝੋਟਾ ਦਾ ਬੈਨਰ ਲਗਾਇਆ ਗਿਆ ਹੈ। ਇਸ ਬੈਨਰ ’ਤੇ ਲਿਖਿਆ ਸੰਦੇਸ਼ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ। ਇਹ ਬੈਨਰ ਝੋਟਾ ਦੀ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਅੱਗੇ ਵਧਾਉਣ ਦਾ ਸੁਨੇਹਾ ਦਿੰਦਾ ਹੈ।
ਬੈਨਰ ’ਤੇ ਲਿਖਿਆ ਹੈ, “ਮੇਰੀ ਮੌਤ ’ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ।” ਇਸ ਸੰਦੇਸ਼ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਇਸ ਮੁਹਿੰਮ ਨੂੰ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ। ਦੁਕਾਨ ਢਾਹੇ ਜਾਣ ਤੋਂ ਬਾਅਦ ਉੱਥੇ ਬੈਨਰ ਲੱਗਣ ਦੀ ਘਟਨਾ ਨੇ ਇਲਾਕੇ ਵਿੱਚ ਚਰਚਾ ਛੇੜ ਦਿੱਤੀ ਹੈ। ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਦੇ ਮੁੱਦੇ ਅਤੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਲੋਕਾਂ ਵਿੱਚ ਰੋਸ ਜਾਰੀ ਹੈ।
ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨਾਲ ਹੋਏ ਵਿਵਾਦ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਮੁਲਜ਼ਮ ਦੀ ਦੁਕਾਨ ਨੂੰ ਭੀੜ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਅਤੇ ਅੱਗ ਲਗਾਈ ਗਈ, ਜਦਕਿ ਪ੍ਰਸ਼ਾਸਨ ਨੇ ਕਥਿਤ ਗੈਰ-ਕਾਨੂੰਨੀ ਉਸਾਰੀ ਦੇ ਮਾਮਲੇ ਵਿੱਚ ਉਸ ਦੀ ਜਾਇਦਾਦ ਦੇ ਇੱਕ ਹਿੱਸੇ ਨੂੰ ਢਾਹਿਆ ਸੀ। ਘਟਨਾ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਪੰਜਾਬ ਬੰਦ ਵੀ ਰੱਖਿਆ ਗਿਆ। ਪਰਿਵਾਰ ਅਤੇ ਜਥੇਬੰਦੀਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਕਤਲ ਮਾਮਲੇ ਦੀ ਜਾਂਚ ਜਾਰੀ ਹੈ।


