‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਹੋਵੇਗੀ ਸਮੀਖਿਆ, ਨਸ਼ਾ ਤਸਕਰਾਂ ਦੇ ਨੈੱਟਵਰਕ ’ਤੇ ਸ਼ਿਕੰਜਾ ਕੱਸਣ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ’ਤੇ ਰਹੇਗਾ ਜ਼ੋਰ
ਫਿਲੌਰ/ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 16 ਅਕਤੂਬਰ ਨੂੰ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿਖੇ ਸੂਬੇ ਦੇ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ। ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨ (SSP), ਡਿਪਟੀ ਕਮਿਸ਼ਨਰ (DC), ਡੀਐੱਸਪੀ (DSP) ਅਤੇ ਐੱਸਡੀਐੱਮ (SDM) ਸਮੇਤ ਹੋਰ ਸੀਨੀਅਰ ਅਧਿਕਾਰੀਆਂ ਦੇ ਸ਼ਾਮਲ ਹੋਣ ਦੀ ਵਿਵਸਥਾ ਹੈ। ਮੀਟਿੰਗ ਦਾ ਮੁੱਖ ਮਕਸਦ ਸੂਬੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੀ ਪ੍ਰਗਤੀ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣਾ ਹੈ।
ਮੀਟਿੰਗ ਦੌਰਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ, ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਪਛਾਣ, 60 ਦਿਨਾਂ ਦੀ ਹੌਟਸਪੌਟ ਮੁਹਿੰਮ ਅਤੇ ਪਿੰਡਾਂ ਤੇ ਵਾਰਡਾਂ ਵਿੱਚ ਬਣੀਆਂ ਰੱਖਿਆ ਕਮੇਟੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ, ਪਿਛਲੇ ਦੋ ਹਫ਼ਤਿਆਂ ਦੀ ਪ੍ਰਗਤੀ, ਨਸ਼ਾ ਤਸਕਰੀ ਵਾਲੇ ਖੇਤਰਾਂ ਲਈ ਤਿਆਰ ਕੀਤੀਆਂ ਯੋਜਨਾਵਾਂ ਅਤੇ ਦਰਪੇਸ਼ ਮੁਸ਼ਕਲਾਂ ਬਾਰੇ ਅਪਡੇਟ ਜਾਣਕਾਰੀ ਪੇਸ਼ ਕਰਨ ਲਈ ਕਿਹਾ ਗਿਆ ਹੈ। ਮੈਡੀਕਲ ਨਸ਼ਿਆਂ ਦੀ ਦੁਰਵਰਤੋਂ ਰੋਕਣ ਅਤੇ ਵੱਖ-ਵੱਖ ਵਿਭਾਗਾਂ ਵਿਚਾਲੇ ਤਾਲਮੇਲ ਵਧਾਉਣ ਬਾਰੇ ਵੀ ਵਿਚਾਰ-ਵਟਾਂਦਰਾ ਹੋਵੇਗਾ।
ਇਹ ਮੀਟਿੰਗ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਉੱਠ ਰਹੇ ਸਵਾਲਾਂ ਦਰਮਿਆਨ ਅਹਿਮ ਮੰਨੀ ਜਾ ਰਹੀ ਹੈ। ਵਿਰੋਧੀ ਧਿਰ ਵੱਲੋਂ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਇਸ ਮੀਟਿੰਗ ਰਾਹੀਂ ਮੁਹਿੰਮ ਦੇ ਨਤੀਜਿਆਂ ਦਾ ਮੁਲਾਂਕਣ ਕਰਨ, ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਕਾਰਵਾਈ ਤੇਜ਼ ਕਰਨ ਅਤੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਜਵਾਬਦੇਹੀ ਮਜ਼ਬੂਤ ਕਰਨ ਲਈ ਅਗਲੀ ਰਣਨੀਤੀ ਤਿਆਰ ਕੀਤੇ ਜਾਣ ਦੀ ਉਮੀਦ ਹੈ।


