ਤਸਕਰੀ ਤੇ ਨੈੱਟਵਰਕ ਤੋਡ਼ਨ ਲਈ ਕਾਰਵਾਈ ਦੇ ਵੇਰਵੇ ਨਸ਼ਰ ਕਰਨ ਦੀ ਚੁਣੌਤੀ
ਚੰਡੀਗਡ਼੍ਹ : ਆਪਣਾ ਪੰਜਾਬ ਮੀਡੀਆ ਪੰਜਾਬ ਕਾਂਗਰਸ ਦੇ ਪਰਗਟ ਸਿੰਘ ਨੇ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਦੇ ਮਾਮਲੇ ’ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਫੈਲ ਰਹੇ ਨਸ਼ਿਆਂ ਦੇ ਕਾਰੋਬਾਰ ਦੀ ਜ਼ਿੰਮੇਵਾਰੀ ਤੋਂ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰੀ ਪੱਲਾ ਨਹੀਂ ਝਾੜ ਸਕਦੇ। ਉਨ੍ਹਾਂ ਕਿਹਾ ਕਿ ਸਿਰਫ਼ ਨਸ਼ਾ ਮੁਕਤ ਭਾਰਤ ਦੇ ਨਾਅਰੇ ਦੇਣ ਅਤੇ ਵੱਡੇ-ਵੱਡੇ ਐਲਾਨ ਕਰਨ ਨਾਲ ਨਸ਼ਿਆਂ ਦਾ ਕਾਰੋਬਾਰ ਖ਼ਤਮ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਰਣਨੀਤੀ, ਸਖ਼ਤ ਕਾਰਵਾਈ ਅਤੇ ਕੇਂਦਰ ਤੇ ਸੂਬਾ ਸਰਕਾਰਾਂ ਦੀ ਜਵਾਬਦੇਹੀ ਯਕੀਨੀ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਪੰਜਾਬ ਦੀ ਕਾਨੂੰਨ-ਵਿਵਸਥਾ ਤੱਕ ਸੀਮਤ ਨਹੀਂ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ, ਸਰਹੱਦ ਪਾਰੋਂ ਹੋਣ ਵਾਲੀ ਸਪਲਾਈ, ਨਸ਼ਿਆਂ ਦੇ ਵੱਡੇ ਨੈੱਟਵਰਕ ਅਤੇ ਮੈਡੀਕਲ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਤੇ ਰੋਕ ਲਗਾਉਣ ਵਿੱਚ ਕੇਂਦਰੀ ਏਜੰਸੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਚੁੱਕੇ ਗਏ ਕਦਮਾਂ ਅਤੇ ਉਨ੍ਹਾਂ ਦੇ ਨਤੀਜਿਆਂ ਦਾ ਪੂਰਾ ਵੇਰਵਾ ਜਨਤਕ ਕੀਤਾ ਜਾਵੇ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਮਾਂਬੱਧ ਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ।:


