ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਿਮਾਂਡ ’ਤੇ ਲੈਣ ਦੀ ਤਿਆਰੀ
ਮਾਨਸਾ : ਆਪਣਾ ਪੰਜਾਬ ਮੀਡੀਆ : ਪਰਮਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ਵਿੱਚ ਜਾਂਚ ਤੇਜ਼ ਹੋ ਗਈ ਹੈ। ਮਾਮਲੇ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਟੀਮ ਦੇਰ ਰਾਤ ਮਾਨਸਾ ਪਹੁੰਚ ਗਈ। ਬੁੱਧਵਾਰ ਸਵੇਰੇ ਸੀ.ਬੀ.ਆਈ. ਦੇ ਅਧਿਕਾਰੀ ਪਰਮਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ।
ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਲਗਾਤਾਰ ਇਸ ਕਤਲਕਾਂਡ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਜਾ ਰਹੀ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਮਾਨਸਾ ਦੌਰੇ ਦੌਰਾਨ ਪਰਿਵਾਰ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਸੀ.ਬੀ.ਆਈ. ਦੀ ਟੀਮ ਦੇ ਮਾਨਸਾ ਪਹੁੰਚਣ ਨਾਲ ਜਾਂਚ ਪਰਕਿਰਿਆ ਅੱਗੇ ਵਧਣ ਦੀ ਉਮੀਦ ਜਾਗੀ ਹੈ।
ਸੀ.ਬੀ.ਆਈ. ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਚੰਡੀਗੜ੍ਹ ਵਿਖੇ ਐੱਫ.ਆਈ.ਆਰ. (FIR) ਦਰਜ ਕੀਤੀ ਜਾ ਚੁੱਕੀ ਹੈ। ਜਾਂਚ ਲਈ ਤਿੰਨ ਮੈਂਬਰੀ ਸੀ.ਬੀ.ਆਈ. ਟੀਮ ਮਾਨਸਾ ਪਹੁੰਚੀ ਹੈ। ਟੀਮ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਪੁੱਛਗਿੱਛ ਕੀਤੀ ਅਤੇ ਮਾਮਲੇ ਨਾਲ ਸਬੰਧਤ ਤੱਥਾਂ ਬਾਰੇ ਜਾਣਕਾਰੀ ਇਕੱਠੀ ਕੀਤੀ।


