ਮਾਨਸਾ ਦੇ ਮੈਡੀਕਲ ਸਟੋਰ ਸੰਚਾਲਕ ਵਿਰੁੱਧ ਅਨੁਸ਼ਾਸਨੀ ਕਾਰਵਾਈ; ਕਤਲ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ, ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਪਹਿਲੂਆਂ ਦੀ ਵੀ ਜਾਂਚ
ਚੰਡੀਗੜ੍ਹ/ਮਾਨਸਾ — ਆਪਣਾ ਪੰਜਾਬ ਮੀਡੀਆ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੰਜਾਬ ਫਾਰਮੇਸੀ ਕੌਂਸਲ ਨੇ ਵੱਡੀ ਕਾਰਵਾਈ ਕਰਦਿਆਂ ਮੁਲਜ਼ਮ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ। ਪੰਜਾਬ ਫਾਰਮੇਸੀ ਕੌਂਸਲ ਦੇ ਚੇਅਰਮੈਨ ਸੁਨੀਲ ਬਾਂਸਲ ਨੇ 23 ਅਕਤੂਬਰ ਨੂੰ ਇਸ ਕਾਰਵਾਈ ਦੀ ਪੁਸ਼ਟੀ ਕੀਤੀ। ਅਸ਼ਵਨੀ ਕੁਮਾਰ ਦੀ ਰਜਿਸਟ੍ਰੇਸ਼ਨ 10 ਜੁਲਾਈ 2020 ਨੂੰ ਜਾਰੀ ਕੀਤੀ ਗਈ ਸੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪਰਵਿੰਦਰ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਵਧ ਰਹੇ ਦਬਾਅ ਦਰਮਿਆਨ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਗੋਲੀ ਲੱਗਣ ਕਾਰਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਹੋ ਗਈ ਸੀ, ਜਦਕਿ ਚਾਰ ਹੋਰ ਵਿਅਕਤੀ ਜ਼ਖ਼ਮੀ ਹੋਏ ਸਨ। ਰਿਪੋਰਟਾਂ ਅਨੁਸਾਰ, ਝੋਟਾ ਕਥਿਤ ਤੌਰ ’ਤੇ ਇੱਕ ਬਜ਼ੁਰਗ ਨੂੰ ਨਸ਼ੀਲੀਆਂ ਦਵਾਈਆਂ ਵੇਚੇ ਜਾਣ ਦੇ ਮਾਮਲੇ ’ਤੇ ਸਟੋਰ ਸੰਚਾਲਕ ਨਾਲ ਗੱਲ ਕਰਨ ਪਹੁੰਚੇ ਸਨ। ਇਸ ਦੌਰਾਨ ਹੋਈ ਤਕਰਾਰ ਤੋਂ ਬਾਅਦ ਗੋਲੀਬਾਰੀ ਹੋਈ। ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮਾਮਲੇ ਦੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ ਅਤੇ ਚੰਡੀਗੜ੍ਹ ਸਥਿਤ ਵਿਸ਼ੇਸ਼ ਅਪਰਾਧ ਸ਼ਾਖਾ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ।


