ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੰਦੇਸ਼ ਮਗਰੋਂ ਮਨਪ੍ਰੀਤ ਕੌਰ ਨੇ ਸੰਗਤ ਨੂੰ ਕੀਤੀ ਅਪੀਲ, ਪਰਿਵਾਰ ਦੀ ਚੜ੍ਹਦੀ ਕਲਾ ਅਤੇ ਇਨਸਾਫ਼ ਲਈ ਇਕਜੁੱਟ ਹੋਣ ਦਾ ਸੱਦਾ
ਮਾਨਸਾ : ਆਪਣਾ ਪੰਜਾਬ ਮੀਡੀਆ : ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਮੂਹ ਸੰਗਤ ਅਤੇ ਪੰਜਾਬ ਦੇ ਲੋਕਾਂ ਨੂੰ 28 ਅਕਤੂਬਰ ਨੂੰ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰਦਾਸ ਵਿੱਚ ਬਹੁਤ ਤਾਕਤ ਹੁੰਦੀ ਹੈ ਅਤੇ ਸੰਗਤ ਵੱਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਸਦਕਾ ਹੀ ਉਨ੍ਹਾਂ ਦਾ ਪਰਿਵਾਰ ਮੁਸ਼ਕਲ ਸਮੇਂ ਵਿੱਚ ਚੜ੍ਹਦੀ ਕਲਾ ਵਿੱਚ ਹੈ।
ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਸੰਦੇਸ਼ ਤੋਂ ਬਾਅਦ ਆਈ ਹੈ। ਜਥੇਦਾਰ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ 28 ਅਕਤੂਬਰ ਨੂੰ ਗੁਰਦੁਆਰਾ ਸਾਹਿਬਾਨ ਵਿੱਚ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਦਾ ਸੱਦਾ ਦਿੱਤਾ ਸੀ। ਉਨ੍ਹਾਂ ਨੇ ਨਸ਼ਾ ਤਸਕਰਾਂ ਦੇ ਸਮਾਜਿਕ ਬਾਈਕਾਟ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਵੀ ਮੰਗ ਕੀਤੀ।
ਮਨਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 28 ਅਕਤੂਬਰ ਨੂੰ ਅਰਦਾਸ ਵਿੱਚ ਸ਼ਾਮਲ ਹੋ ਕੇ ਪਰਿਵਾਰ ਦਾ ਸਾਥ ਦੇਣ ਅਤੇ ਇਨਸਾਫ਼ ਦੀ ਮੰਗ ਲਈ ਇਕਜੁੱਟਤਾ ਦਿਖਾਉਣ। ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਨ ਅਤੇ ਨਸ਼ਿਆਂ ਦੇ ਨੈੱਟਵਰਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।


