ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 28 ਅਕਤੂਬਰ ਨੂੰ ਗੁਰਦੁਆਰਾ ਸਾਹਿਬਾਨ ਵਿੱਚ ਅਰਦਾਸ ਕਰਨ ਦੀ ਅਪੀਲ
ਅੰਮ੍ਰਿਤਸਰ, ਆਪਣਾ ਪੰਜਾਬ ਮੀਡੀਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ 28 ਅਕਤੂਬਰ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ ਲਈ ਸਮੂਹਿਕ ਅਰਦਾਸ ਕੀਤੀ ਜਾਵੇ। ਉਨ੍ਹਾਂ ਨੇ ਇਹ ਸੰਦੇਸ਼ ਵਿਦੇਸ਼ ਦੌਰੇ ਦੌਰਾਨ ਸਿੱਖ ਸੰਗਤ ਦੇ ਨਾਂ ਜਾਰੀ ਕੀਤਾ।
ਜਥੇਦਾਰ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਪ੍ਰਸਾਰ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਜਾਲ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਉਨ੍ਹਾਂ ਸਰਕਾਰਾਂ ਨੂੰ ਮੈਡੀਕਲ ਅਤੇ ਸਿੰਥੈਟਿਕ ਨਸ਼ਿਆਂ ਦੀ ਸਪਲਾਈ ਲੜੀ ਤੋੜਨ, ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੀ ਇਨਸਾਫ਼ ਦੀ ਲੜਾਈ ਵਿੱਚ ਸਾਥ ਦੇਣ ਦੀ ਅਪੀਲ ਕੀਤੀ। ਜਥੇਦਾਰ ਨੇ ਕਿਹਾ ਕਿ ਗੁਰਬਾਣੀ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਸਾਂਝੇ ਯਤਨ ਜ਼ਰੂਰੀ ਹਨ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ।


