ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਕੀਤਾ ਸਵਾਗਤ; 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਦੀ ਸਿਆਸਤ ਵਿੱਚ ਹਲਚਲ
ਚੰਡੀਗੜ੍ਹ, ਆਪਣਾ ਪੰਜਾਬ ਮੀਡੀਆ। ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ 25 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਆਵਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਮਿੰਦਰ ਆਵਲਾ ਦੇ ਪਾਰਟੀ ਵਿੱਚ ਆਉਣ ਨਾਲ ਜਲਾਲਾਬਾਦ ਅਤੇ ਸਰਹੱਦੀ ਖੇਤਰ ਵਿੱਚ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਉਮੀਦ ਜਤਾਈ ਕਿ ਆਵਲਾ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਆਵਲਾ ਨੇ 2019 ਦੀ ਜ਼ਿਮਨੀ ਚੋਣ ਕਾਂਗਰਸ ਦੀ ਟਿਕਟ ’ਤੇ ਲੜਦਿਆਂ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਨੂੰ ਹਰਾਇਆ ਸੀ ਅਤੇ 2019 ਤੋਂ 2022 ਤੱਕ ਜਲਾਲਾਬਾਦ ਦੇ ਵਿਧਾਇਕ ਰਹੇ ਸਨ।
ਆਵਲਾ ਦੇ ਪਾਰਟੀ ਬਦਲਣ ਨਾਲ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਸਿਆਸੀ ਸਮੀਕਰਨਾਂ ’ਤੇ ਚਰਚਾ ਸ਼ੁਰੂ ਹੋ ਗਈ ਹੈ। ਉਹ ਪਹਿਲਾਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਇਲਾਕੇ ਵਿੱਚ ਸਰਗਰਮ ਸਿਆਸੀ ਆਗੂ ਵਜੋਂ ਜਾਣੇ ਜਾਂਦੇ ਹਨ। ਹਾਲਾਂਕਿ, ਅਕਾਲੀ ਦਲ ਵਿੱਚ ਉਨ੍ਹਾਂ ਨੂੰ ਕੋਈ ਵਿਸ਼ੇਸ਼ ਅਹੁਦਾ ਦੇਣ ਜਾਂ 2027 ਦੀਆਂ ਚੋਣਾਂ ਵਿੱਚ ਉਮੀਦਵਾਰ ਬਣਾਉਣ ਬਾਰੇ ਹਾਲੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।


